ਭਵਾਨੀਗੜ੍ਹ – ਪਿਛਲੇ ਦਿਨੀ ਬਾਲਦ ਕੈਂਚੀਆਂ ਭਵਾਨੀਗੜ੍ਹ ਨਜ਼ਦੀਕ ਵਾਪਰੀ ਦੁਖਾਂਤਕ ਘਟਨਾ ਦੌਰਾਨ ਡਿਊਟੀ ’ਤੇ ਤਾਇਨਾਤ ਪੰਜਾਬ ਪੁਲਸ ਦੀ ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ਹੋ ਗਈ ਸੀ।
ਅੱਜ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਹਰਸ਼ਵੀਰ ਸਿੰਘ ਦੀ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਵਿਧਾਇਕਾ ਭਰਾਜ ਨੇ ਕਿਹਾ ਕਿ ਸਵ. ਹਰਸ਼ਵੀਰ ਸਿੰਘ ਦੇ ਵਿਛੋੜੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਉਹ ਪ੍ਰਮਾਤਮਾ ਦੇ ਚਰਨਾਂ ’ਚ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਕਾਂਸਟੇਬਲ ਸਵ. ਹਰਸ਼ਵੀਰ ਸਿੰਘ ਦੇ ਦਿਹਾਂਤ ’ਤੇ ਡੂੰਘਾ ਦੁੱਖ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਦੀ ਤਰਫੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਵਜੋਂ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ ਜੋ ਕਿ ਜਲਦੀ ਤੋਂ ਜਲਦੀ ਪਰਿਵਾਰ ਨੂੰ ਜਾਰੀ ਕਰ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਵੀ ਪੀੜਤ ਪਰਿਵਾਰ ਨੂੰ ਜੀਵਨ ਬੀਮਾ ਰਾਸ਼ੀ ਵਜੋਂ 1 ਕਰੋੜ ਰੁਪਏ ਪ੍ਰਦਾਨ ਕੀਤੇ ਜਾਣਗੇ।
