ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੇ ਇਕਜੁੱਟ ਹੋ ਕੇ ਭਾਜਪਾ ਤੇ ‘ਆਪ’ ’ਤੇ ਕੀਤੇ ਸ਼ਬਦੀ ਹਮਲੇ
ਗੁਰਦਾਸਪੁਰ, 8 ਜਨਵਰੀ: -ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿਚ ਕੀਤੇ ਜਾ ਰਹੇ ਬਦਲਾਅ ਦੇ ਤਿੱਖੇ ਵਿਰੋਧ ਵਿਚ ਕਾਂਗਰਸ ਪਾਰਟੀ ਵੱਲੋਂ “ਮਨਰੇਗਾ ਬਚਾਓ ਸੰਗਰਾਮ” ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸੰਗਰਾਮ ਦੀ ਸ਼ੁਰੂਆਤ ਗੁਰਦਾਸਪੁਰ ਦੀ ਦਾਣਾ ਮੰਡੀ ਵਿਚ ਜ਼ਿਲਾ ਕਾਂਗਰਸ ਪ੍ਰਧਾਨ ਅਤੇ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਇਕ ਵਿਸ਼ਾਲ ਰੈਲੀ ਕਰ ਕੇ ਕੀਤੀ ਗਈ।
ਰੈਲੀ ਵਿਚ ਕਾਂਗਰਸ ਦੇ ਪੰਜਾਬ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਪਾਰਟੀ ਦੀ ਸਮੁੱਚੀ ਸੂਬਾ ਅਤੇ ਜ਼ਿਲਾ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਰੈਲੀ ਦੌਰਾਨ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੇ ਇਕਜੁੱਟ ਹੋ ਕੇ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਤਿੱਖੇ ਸ਼ਬਦੀ ਹਮਲੇ ਕੀਤੇ।
ਰੈਲੀ ਨੂੰ ਸੰਬੋਧਨ ਕਰਦਿਆਂ ਭੂਪੇਸ਼ ਬਘੇਲ ਨੇ ਕਿਹਾ ਕਿ ਜਦੋਂ ਵੀ ਕਾਂਗਰਸ ਪਾਰਟੀ ਸੱਤਾ ਵਿਚ ਆਉਂਦੀ ਹੈ, ਉਹ ਹਮੇਸ਼ਾ ਕਿਸਾਨਾਂ, ਗਰੀਬਾਂ, ਨੌਜਵਾਨਾਂ ਤੇ ਔਰਤਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਫੈਸਲੇ ਲੈਂਦੀ ਹੈ। ਮਨਰੇਗਾ ਵਰਗੀ ਯੋਜਨਾ ਕਾਂਗਰਸ ਦੀ ਸੋਚ ਦਾ ਨਤੀਜਾ ਹੈ, ਜੋ ਗਰੀਬ ਮਜ਼ਦੂਰਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਮਨਰੇਗਾ ਵਿਚ 90 ਫੀਸਦੀ ਰਕਮ ਕੇਂਦਰ ਸਰਕਾਰ ਤੇ 10 ਫੀਸਦੀ ਰਕਮ ਸੂਬਾ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ ਪਰ ਹੁਣ ਕੇਂਦਰ ਸਰਕਾਰ ਨੇ ਆਪਣਾ ਹਿੱਸਾ ਘਟਾ ਕੇ 60 ਫੀਸਦੀ ਕਰ ਦਿੱਤਾ ਹੈ ਤੇ 40 ਫੀਸਦੀ ਭਾਰ ਸੂਬਿਆਂ ’ਤੇ ਪਾ ਦਿੱਤਾ ਹੈ। ਪੰਜਾਬ ਪਹਿਲਾਂ ਹੀ ਵਿੱਤੀ ਤੰਗੀ ਦਾ ਸ਼ਿਕਾਰ ਹੈ ਤੇ ਅਜਿਹੀ ਸਥਿਤੀ ਵਿਚ ਉਸ ਲਈ ਇਹ ਰਕਮ ਦੇਣਾ ਅਸੰਭਵ ਹੋ ਜਾਵੇਗਾ, ਜਿਸ ਨਾਲ ਮਨਰੇਗਾ ਯੋਜਨਾ ਪੰਜਾਬ ਵਿਚ ਲੱਗਭਗ ਬੰਦ ਹੋ ਜਾਵੇਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮਨਰੇਗਾ ਯੋਜਨਾ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ। ਪਹਿਲਾਂ ਇਸ ਯੋਜਨਾ ਦਾ ਨਾਂ ਨਰੇਗਾ ਸੀ, ਜਿਸ ਨੂੰ 2009 ਵਿਚ ਮਹਾਤਮਾ ਗਾਂਧੀ ਦਾ ਨਾਮ ਜੋੜ ਕੇ ਮਨਰੇਗਾ ਕੀਤਾ ਗਿਆ। ਕੋਰੋਨਾ ਕਾਲ ਦੌਰਾਨ ਜੇਕਰ ਕਿਸੇ ਯੋਜਨਾ ਨੇ ਦੇਸ਼ ਨੂੰ ਸੰਭਾਲਿਆ ਤਾਂ ਉਹ ਮਨਰੇਗਾ ਸੀ।
ਉਨ੍ਹਾਂ ਦੋਸ਼ ਲਗਾਇਆ ਕਿ ਮਹਾਤਮਾ ਗਾਂਧੀ ਦੇ ਨਾਮ ਨੂੰ ਹਟਾ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਉਹ ਰਾਮ ਦੇ ਵਿਰੋਧੀ ਨਹੀਂ ਹਨ ਪਰ ਗਾਂਧੀ ਜੀ ਦੇ ਨਾਮ ਨੂੰ ਹਟਾਉਣਾ ਗਲਤ ਹੈ।
ਇਸ ਦੌਰਾਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਤੋਂ ਸੰਗਰਾਮ ਦੀ ਸ਼ੁਰੂਆਤ ਕਰ ਕੇ ਦੇਸ਼ ਭਰ ਨੂੰ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਹਿਚਾਣ “ਜੈ ਜਵਾਨ, ਜੈ ਕਿਸਾਨ” ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਨੇ ਪਹਿਲਾਂ ਅਗਨੀਵੀਰ ਯੋਜਨਾ ਲਿਆ ਕੇ ਨੌਜਵਾਨਾਂ ਨਾਲ ਧੋਖਾ ਕੀਤਾ, ਫਿਰ ਕਿਸਾਨਾਂ ’ਤੇ ਤਿੰਨ ਕਾਲੇ ਕਾਨੂੰਨ ਥੋਪੇ। ਕੇਂਦਰ ਸਰਕਾਰ ਨੇ ਪੰਜਾਬ ਦਾ ਲੱਗਭਗ 9 ਹਜ਼ਾਰ ਕਰੋੜ ਰੁਪਏ ਦਾ ਰੂਰਲ ਡਿਵੈੱਲਪਮੈਂਟ ਫੰਡ ਰੋਕਿਆ ਹੋਇਆ ਹੈ।
ਰੈਲੀ ਦੇ ਆਯੋਜਕ ਅਤੇ ਜ਼ਿਲਾ ਕਾਂਗਰਸ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਨੇ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਪੰਜਾਬ ਅਤੇ ਗਰੀਬ ਵਰਗ ਨਾਲ ਧੱਕੇਸ਼ਾਹੀ ਕਰ ਰਹੀ ਹੈ।
ਇਸ ਮੌਕੇ ਪੰਜਾਬ ਸਕੱਤਰ ਸੂਰਜ ਠਾਕੁਰ, ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਦੀਨਾਨਗਰ ਤੋਂ ਵਿਧਾਇਕ ਅਰੁਣਾ ਚੌਧਰੀ, ਵਿਧਾਇਕ ਪ੍ਰਗਟ ਸਿੰਘ, ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਅਮਿਤ ਵਿਜ, ਰਾਜ ਕੁਮਾਰ ਵੇਰਕਾ, ਹਰਪ੍ਰਤਾਪ ਸਿੰਘ ਅਜਨਾਲਾ, ਸੰਤੋਖ ਸਿੰਘ ਭਲਾਈਪੁਰ, ਟੀਨਾ ਚੌਧਰੀ, ਯੂਥ ਕਾਂਗਰਸ ਦੇ ਜ਼ਿਲਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ, ਈਸ਼ਰਪ੍ਰੀਤ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।
Read More : ਸਰਕਾਰ ਨੇ ਸੂਬੇ ਦੇ ਮਾਈਨਿੰਗ ਸੈਕਟਰ ’ਚ ਕੀਤੇ ਇਤਿਹਾਸਕ ਸੁਧਾਰ : ਮੰਤਰੀ ਗੋਇਲ
