ਕਿਹਾ– ‘ਆਪ’ ਸਰਕਾਰ ਕੋਲ ਅਜੇ ਵੀ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਾ ਸਮੱਗਲਿੰਗ ਨਾਲ ਨਜਿੱਠਣ ਲਈ ਕੋਈ ਰੋਡਮੈਪ ਨਹੀਂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ |ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਗਹਿਲੀ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਸਿਰਫ਼ ਜ਼ਿੰਮੇਵਾਰੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਲਈ 600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਸੀ।
ਉਨ੍ਹਾਂ ਕਿਹਾ ਕਿ ਹੁਣ ਜੇਕਰ ਕੇਂਦਰ ਸਰਕਾਰ ਫ਼ੰਡ ਦੇਣ ਤੋਂ ਇਨਕਾਰ ਕਰ ਦਿੰਦੀ ਹੈ ਜਾਂ ਉਪਰੋਕਤ ਫ਼ੰਡਾਂ ’ਚ ਦੇਰੀ ਕਰਦੀ ਹੈ ਤਾਂ ਮੁੱਖ ਮੰਤਰੀ ਲਈ ਉਨ੍ਹਾਂ ਨੂੰ ਦੋਸ਼ੀ ਠਹਿਰਾਉਣਾ ਸੌਖਾ ਹੋ ਜਾਵੇਗਾ। ਬਾਜਵਾ ਨੇ ਕਿਹਾ ਕਿ ਆਪਣੀ ਅਸਫਲਤਾ ਨੂੰ ਸਵੀਕਾਰ ਕਰਨ ਅਤੇ ਫਿਰ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਆਪਣੇ ਤਰੀਕੇ ਸੁਧਾਰਨ ਦੀ ਬਜਾਏ ਮੁੱਖ ਮੰਤਰੀ ਕਿਸੇ ਹੋਰ ਸਿਰ ਦੋਸ਼ ਮੜ੍ਹਣ ਦੇ ਰਸਤੇ ਲੱਭ ਰਹੇ ਹਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਦੱਸਿਆ ਕਿ ਐਤਵਾਰ ਨੂੰ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਮਾਘੀ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਿਯਮਤ ਦੌਰੇ ਦੌਰਾਨ ਮੁਕਤਸਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਰੈੱਡ ਕਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਰਹਿਣ ਬਸੇਰਾ ਦੀ ਦੁਰਵਰਤੋਂ ਕਰਨ ਵਾਲੇ ਨਸ਼ੇੜੀਆਂ ਦਾ ਸਾਹਮਣਾ ਕੀਤਾ। ਉਸੇ ਦਿਨ ਪੱਟੀ ਨੇੜਲੇ ਪਿੰਡ ਚੀਮਾ ਕਲਾਂ ਦੇ 39 ਸਾਲਾ ਜਗਤਾਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਅਜਿਹੀਆਂ ਘਟਨਾਵਾਂ ਲਗਭਗ ਹਰ ਰੋਜ਼ ਮੀਡੀਆ ਦਾ ਧਿਆਨ ਖਿੱਚਦੀਆਂ ਹਨ।
ਇਸ ਦੌਰਾਨ ਤਿੰਨ ਸਾਲ ਸੱਤਾ ਵਿਚ ਰਹਿਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨਸ਼ਿਆਂ ਦੀ ਸਮੱਸਿਆ ਨਾਲ ਲੜਨ ਲਈ ਕੇਂਦਰ ਸਰਕਾਰ ਤੋਂ ਫ਼ੰਡਾਂ ਦੀ ਮੰਗ ਕਰ ਰਹੇ ਹਨ। ਇਹ ਸਥਾਪਿਤ ਕਰਦਾ ਹੈ ਕਿ ਉਹ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ-ਸਮੇਂ ’ਤੇ ਨਵੀਆਂ ਸਮਾਂ ਸੀਮਾਵਾਂ ਨਿਰਧਾਰਿਤ ਕਰਨ ਕਰਨ ਦਾ ਪਾਖੰਡ ਕਰ ਰਹੀ ਹੈ। ਮੈਂ ਪਹਿਲਾਂ ਹੀ ਕਹਿ ਚੁੱਕਾ ਹਾਂ ਅਤੇ ਦੁਹਰਾਉਂਦਾ ਹਾਂ ਕਿ ‘ਆਪ’ ਸਰਕਾਰ ਕੋਲ ਅਜੇ ਵੀ ਨਸ਼ਿਆਂ ਦੀ ਦੁਰਵਰਤੋਂ ਅਤੇ ਨਸ਼ਾ ਸਮੱਗਲਿੰਗ ਨਾਲ ਨਜਿੱਠਣ ਲਈ ਕੋਈ ਰੋਡਮੈਪ ਨਹੀਂ ਹੈ। ਬਾਜਵਾ ਨੇ ਕਿਹਾ ਕਿ ਉਹ ਸਿਰਫ਼ ਹੋਰਨਾਂ ’ਤੇ ਦੋਸ਼ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।
