ਚੰਡੀਗੜ੍ਹ, 28 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦਾ ਫੈਸਲਾ ਆ ਜਾਵੇ, ਭਾਵੇਂ ਕੇਂਦਰ ਸਰਕਾਰ ਕਹਿ ਦੇਵੇ ਤੇ ਭਾਵੇਂ ਆਪਣੇ ਦਿੱਲੀ ਦੇ ਆਕਾਵਾਂ ਦੇ ਕਹਿਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਐੱਸ. ਵਾਈ. ਐੱਲ. ਨਹੀਂ ਬਣਨ ਦੇਵੇਗੀ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਪਿੱਛੋਂ ਕਿਹਾ ਕਿ ਪੁਰਾਣੇ ਬਜ਼ੁਰਗਾਂ ਦੇ ਪਾਏ ਹੋਏ ਪੰਗੇ ਹੌਲੀ-ਹੌਲੀ ਹੱਲ ਕਰ ਲਵਾਂਗੇ ਤੇ ਸਰਕਾਰ ਬਣਨ ’ਤੇ ਰਾਜਸਥਾਨ ਦਾ ਪਾਣੀ ਰੋਕਾਂਗੇ। ਅਕਾਲੀ ਦਲ ਮੁੱਖ ਮੰਤਰੀ ਦੀ ਪਾਣੀਆ ਬਾਰੇ ਕਿਸੇ ਵੀ ਸਾਜ਼ਿਸ਼ ਨੂੰ ਸਿਰੇ ਨਹੀਂ ਚੜ੍ਹਣ ਦੇਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇਕ ਵੀ ਬੂੰਦ ਫਾਲਤੂ ਪਾਣੀ ਨਹੀਂ ਹੈ, ਜਿਹੜਾ ਹਰਿਆਣਾ ਨੂੰ ਦਿੱਤਾ ਜਾ ਸਕੇ। ਹਰਿਆਣਾ ਤਾਂ ਪਹਿਲਾਂ ਹੀ ਅਾਪਣੇ ਹਿੱਸੇ ਦਾ ਵਾਧੂ ਪਾਣੀ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 2016 ’ਚ ਐੱਸ. ਵਾਈ. ਐੱਲ. ਨਹਿਰ ਦੀ ਉਸਾਰੀ ਲਈ ਜ਼ਮੀਨ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਕਰ ਕੇ ਜ਼ਮੀਨ ਅਸਲ ਮਾਲਕਾਂ ਨੂੰ ਵਾਪਸ ਕਰ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪਾਣੀਆਂ ਦੇ ਮੁੱਦੇ ’ਤੇ ਹੋਸ਼ੀ ਰਾਜਨੀਤੀ ਕਰ ਰਹੇ ਹਨ। ਪੰਜਾਬੀ ‘ਆਪ’ ਸਰਕਾਰ ਦੀਆਂ ਅਜਿਹੀਆਂ ਘਿਣੌਨੀਆਂ ਸਾਜ਼ਿਸ਼ਾਂ ਨੂੰ ਨਾ ਤਾਂ ਸਫਲ ਹੋਣ ਦੇਣਗੇ ਤੇ ਨਾ ਹੀ ਅਜਿਹੇ ਕੰਮਾਂ ਨੂੰ ਬਰਦਾਸ਼ਤ ਕਰਨਗੇ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਨੂੰ ਜਾਂਦਾ ਪਾਣੀ ਵੀ ਬੰਦ ਕਰ ਦਿੱਤਾ ਜਾਵੇਗਾ ਤੇ ਇਹ ਪਾਣੀ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਲਈ ਦਿੱਤਾ ਜਾਵੇਗਾ। ਪਾਣੀਆਂ ਦੀ ਵੰਡ ਦੇ ਮੁੱਦੇ ’ਤੇ ਤਾਂ ਪਹਿਲਾਂ ਹੀ ਪੰਜਾਬ ਨਾਲ ਅਨਿਆਂ ਹੋਇਆ ਹੈ, ਜਿਸ ਨੂੰ ਦੂਰ ਕਰਵਾਉਣ ਲਈ ਅਕਾਲੀ ਦਲ ਸੰਘਰਸ਼ ਕਰਦਾ ਆ ਰਿਹਾ ਹੈ।
Read More : ਲਾਲਾ ਲਾਜਪਤ ਰਾਏ ਦੇ ਪਿੰਡ ਢੁੱਡੀਕੇ ਨੂੰ ਆਦਰਸ਼ ਪਿੰਡ ਬਣਾਏਗੀ ਸਰਕਾਰ : ਭਗਵੰਤ ਮਾਨ
