ਪੁਲਸ ਵੱਲੋਂ ਜਾਂਚ ਜਾਰੀ
ਡੇਰਾ ਬਾਬਾ ਨਾਨਕ, 28 ਜਨਵਰੀ : ਅੱਜ ਸਵੇਰੇ ਕਰੀਬ 8 ਵਜੇ ਜ਼ਿਲਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ’ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਦੀ ਮੈਡੀਕਲ ਸਟੋਰ ਦੇ ਮਾਲਕ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸਦੇ ਚਲਦਿਆਂ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਪੁਲਸ ਅਧਿਕਾਰੀਆਂ ਸਮੇਤ ਘਟਨਾ ਸਥਲ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਸ ਸਬੰਧੀ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ਬੇਦੀ ਪੁੱਤਰ ਰਘਬੀਰ ਸਿੰਘ ਬੇਦੀ ਵਾਸੀ ਡੇਰਾ ਬਾਬਾ ਨਾਨਕ ਰੋਜ਼ਾਨਾਂ ਦੀ ਤਰ੍ਹਾਂ ਆਪਣੀ ਦੁਕਾਨ ’ਤੇ ਬੈਠੇ ਹੋਏ ਸੀ।
ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੁਝ ਅਣਪਛਾਤੇ ਵਿਅਕਤੀ ਉਨ੍ਹਾਂ ਦੀ ਦੁਕਾਨ ’ਤੇ ਆਏ ਅਤੇ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸਦੇ ਚਲਦਿਆਂ ਇਕ ਗੋਲੀ ਰਣਬੀਰ ਸਿੰਘ ਬੇਦੀ ਦੇ ਸਿਰ ’ਤੇ ਲੱਗ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਏ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਜਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ’ਚ ਲੈ ਕੇ ਜਾ ਰਹੇ ਸਨ ਤਾਂ ਰਸਤੇ ’ਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਸ ਨੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਨੂੰ ਘਟਨਾ ਸਥਲ ਤੋਂ ਗੋਲੀਆਂ ਦੇ 4 ਖੋਲ ਵੀ ਬਰਾਮਦ ਹੋਏ।
ਉਨ੍ਹਾਂ ਕਿਹਾ ਕਿ ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
Read More : ਝਗੜੇ ਦੌਰਾਨ ਪੁੱਤ ਨੂੰ ਬਚਾਉਣ ਆਏ ਪਿਤਾ ਦੀ ਸਿਰ ’ਤੇ ਬੇਸਬਾਲ ਵੱਜਣ ਕਾਰਨ ਮੌਤ
