ਸੰਘਣੀ ਧੁੰਦ ਦਾ ਫਾਇਦਾ ਚੁੱਕ ਕੇ ਦਾਖਲ ਹੋਣ ਦੀ ਕੋਸ਼ਿਸ਼ ’ਚ ਸੀ ਘੁਸਪੈਠੀਆ, ਇਲਾਕੇ ’ਚ ਤਲਾਸ਼ੀ ਮੁਹਿੰਮ ਜਾਰੀ
ਗੁਰਦਾਸਪੁਰ, 29 ਜਨਵਰੀ : ਜ਼ਿਲਾ ਗੁਰਦਾਸਪੁਰ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀ. ਐੱਸ. ਐੱਫ. ਦੇ ਜਵਾਨਾਂ ਨੇ ਮੁਸਤੈਦੀ ਵਰਤਦਿਆਂ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮੌਕੇ ’ਤੇ ਹੀ ਢੇਰ ਕਰ ਦਿੱਤਾ।
ਸੂਤਰਾਂ ਅਨੁਸਾਰ ਇਹ ਘਟਨਾ ਬੀ. ਐੱਸ. ਐੱਫ. ਦੀ 113ਵੀਂ ਬਟਾਲੀਅਨ ਅਧੀਨ ਆਉਂਦੀ ਚੌਕੀ ਘਣੀਏ-ਕੇ ਬਾਂਗਰ ਨੇੜੇ ਬੁੱਧਵਾਰ ਦੇਰ ਰਾਤ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਕੁਝ ਘੁਸਪੈਠੀਏ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।
ਸਰਹੱਦ ’ਤੇ ਤਾਇਨਾਤ ਚੌਕਸ ਜਵਾਨਾਂ ਨੇ ਜਦੋਂ ਹਲਚਲ ਵੇਖੀ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ, ਜਿਸ ਦੌਰਾਨ ਇਕ ਘੁਸਪੈਠੀਆ ਮਾਰਿਆ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਬੀ.ਐੱਸ.ਐੱਫ. ਦੇ ਉੱਚ ਅਧਿਕਾਰੀ ਅਤੇ ਪੁਲਸ ਮੌਕੇ ’ਤੇ ਪਹੁੰਚ ਗਈ। ਸੁਰੱਖਿਆ ਬਲਾਂ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰਕੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ (ਸਰਚ ਅਪਰੇਸ਼ਨ) ਚਲਾਈ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
Read More : ਕੀਮਤਾਂ ਬੇਕਾਬੂ ; ਚਾਂਦੀ 4 ਲੱਖ ਤੇ ਸੋਨਾ 1.76 ਲੱਖ ਤੋਂ ਪਾਰ
