ਕੈਦੀਆਂ ਨੂੰ ਸੁਧਾਰ ਦਾ ਦਿੱਤਾ ਸੁਨੇਹਾ
ਪਟਿਆਲਾ, 1 ਫਰਵਰੀ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜੇਲ੍ਹ ਦੀਆਂ ਗਤੀਵਿਧੀਆਂ, ਸੁਰੱਖਿਆ ਪ੍ਰਬੰਧਾਂ ਅਤੇ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਪਟਿਆਲਾ ਜੇਲ੍ਹ ਵਿਖੇ ਮੰਤਰੀ ਭੁੱਲਰ ਨੇ ਜੇਲ੍ਹ ਫੈਕਟਰੀ ਦਾ ਦੌਰਾ ਕਰਦਿਆਂ ਕੈਦੀਆਂ ਲਈ ਚਲਾਏ ਜਾ ਰਹੇ ਆਈ.ਟੀ.ਆਈ. (ITI) ਕੋਰਸਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕੈਦੀਆਂ ਨਾਲ ਗੱਲਬਾਤ ਕਰਦਿਆਂ ਵਰਕਸ਼ਾਪਾਂ ਵਿੱਚ ਸਿਖਲਾਈ ਗਤੀਵਿਧੀਆਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਮਿਹਨਤ ਕਰਕੇ ਸਹੀ ਰਾਹ ਚੁਣਨ ਲਈ ਪ੍ਰੇਰਿਤ ਕੀਤਾ।
ਕੈਬਨਿਟ ਮੰਤਰੀ ਨੇ ਜੇਲ੍ਹ ਦੀ ਰਸੋਈ, ਮੁਫ਼ਤ ਕਾਨੂੰਨੀ ਸਹਾਇਤਾ ਕੇਂਦਰ ਅਤੇ ਮੈਡੀਕਲ ਸਹੂਲਤਾਂ ਦੀ ਜਾਂਚ ਕੀਤੀ। ਉਨ੍ਹਾਂ ਮਹਿਲਾ ਵਾਰਡ ਦਾ ਵਿਸ਼ੇਸ਼ ਦੌਰਾ ਕਰਕੇ ਉੱਥੋਂ ਦੇ ਭਲਾਈ ਉਪਾਵਾਂ ਦਾ ਜਾਇਜ਼ਾ ਲਿਆ ਅਤੇ ਕੈਦੀਆਂ ਦੇ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਲਾਲਜੀਤ ਸਿੰਘ ਭੁੱਲਰ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਜੇਲ੍ਹਾਂ ਨੂੰ ਸੱਚੇ ਅਰਥਾਂ ਵਿੱਚ ‘ਸੁਧਾਰ ਘਰ’ ਬਣਾਉਣ ਅਤੇ ਨਸ਼ਾ ਮੁਕਤ ਰੱਖਣ ਲਈ ਵਚਨਬੱਧ ਹੈ।” ਉਨ੍ਹਾਂ ਜੇਲ੍ਹ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਮੁਲਾਕਾਤ ਖੇਤਰ ਵਿੱਚ ਕੈਦੀਆਂ ਦੇ ਪਰਿਵਾਰਾਂ ਨਾਲ ਗੱਲ ਕਰਕੇ ਫੀਡਬੈਕ ਵੀ ਲਿਆ।
Read More : ਅੰਡਰ-19 ਵਿਸ਼ਵ ਕੱਪ : ਭਾਰਤ ਸੈਮੀਫਾਈਨਲ ਵਿਚ
