ਸਿੱਖ ਵਿਦਿਆਰਥੀ

ਯੂ.ਪੀ. ’ਚ ਸਿੱਖ ਵਿਦਿਆਰਥੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਦੇਣ ਤੋਂ ਰੋਕਿਆ

ਐੱਸ.ਜੀ.ਪੀ.ਸੀ. ਪ੍ਰਧਾਨ ਨੇ ਯੂ.ਪੀ. ਸਰਕਾਰ ਤੋਂ ਦੋਸ਼ੀ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ; ਜਾਂਚ ਲਈ ਭੇਜੀ ਟੀਮ

ਅੰਮ੍ਰਿਤਸਰ/ਮੁਰਾਦਾਬਾਦ, 8 ਫਰਵਰੀ : ਉੱਤਰ ਪ੍ਰਦੇਸ਼ ਦੇ ਜ਼ਿਲਾ ਮੁਰਾਦਾਬਾਦ ਦੇ ਕਸਬਾ ਕਾਂਠ ਵਿੱਚ ਇਕ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਜਪਨ ਸਿੰਘ ਨੂੰ ਕਕਾਰ (ਕਿਰਪਾਨ) ਪਾ ਕੇ ਬੀ.ਏ. ਦੀ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਨਿੱਖੜਵਾਂ ਅੰਗ ਹਨ ਅਤੇ ਭਾਰਤੀ ਸੰਵਿਧਾਨ ਸਿੱਖਾਂ ਨੂੰ ਆਪਣੀ ਧਾਰਮਿਕ ਆਜ਼ਾਦੀ ਤਹਿਤ ਕਕਾਰ ਪਹਿਨਣ ਦਾ ਪੂਰਾ ਹੱਕ ਦਿੰਦਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਕਸਰ ਅਜਿਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਦੋਸ਼ ਲਾਇਆ ਕਿ ਕਈ ਵਾਰ ਲਿਖਤੀ ਸ਼ਿਕਾਇਤਾਂ ਦੇਣ ਦੇ ਬਾਵਜੂਦ ਜਾਣਬੁੱਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਕਮੇਟੀ ਨੇ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਦੀ ਅਗਵਾਈ ਹੇਠ ਇਕ ਜਾਂਚ ਟੀਮ ਸਬੰਧਤ ਕਾਲਜ ਭੇਜੀ ਹੈ।

ਐਡਵੋਕੇਟ ਧਾਮੀ ਨੇ ਉੱਤਰ ਪ੍ਰਦੇਸ਼ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Read More : ਰਾਸ਼ਟਰੀ ਹਾਕੀ ਟੂਰਨਾਮੈਂਟ : 3 ਡੋਗਰਾ ਰੈਜੀਮੈਂਟ ਜਲੰਧਰ ਦਾ ਗੋਲਡਨ ਕੱਪ ’ਤੇ ਕਬਜ਼ਾ

Leave a Reply

Your email address will not be published. Required fields are marked *