ਸਾਬਕਾ ਫ਼ੌਜ ਮੁਖੀ ਨਰਵਣੇ ਦੀ ਕਿਤਾਬ ਦੇ ਹਵਾਲੇ ’ਤੇ ਚਰਚਾ ਤੋਂ ਭੱਜ ਰਹੀ ਹੈ ਸਰਕਾਰ : ਵਿਰੋਧੀ ਧਿਰ ਦੇ ਨੇਤਾ
ਨਵੀਂ ਦਿੱਲੀ, 9 ਫਰਵਰੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਦਨ ’ਚ ਆਉਣ ਤੋਂ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉਸ ਸੱਚਾਈ ਦਾ ਸਾਹਮਣਾ ਨਹੀਂ ਕਰ ਸਕਦੇ ਜਿਸ ਨੂੰ ਉਹ ਸਾਬਕਾ ਫ਼ੌਜ ਮੁਖੀ ਐੱਮ.ਐੱਮ. ਨਰਵਣੇ ਦੀ ਕਿਤਾਬ ਦੇ ਇਕ ਅੰਸ਼ ਦਾ ਹਵਾਲਾ ਦਿੰਦੇ ਹੋਏ ਸਾਹਮਣੇ ਰੱਖਣਾ ਚਾਹੁੰਦੇ ਸਨ। ਰਾਹੁਲ ਨੇ ਸਪੀਕਰ ਦੇ ਉਸ ਦਾਅਵੇ ਨੂੰ ਵੀ ਨਕਾਰ ਦਿੱਤਾ ਜਿਸ ’ਚ ਵਿਰੋਧੀ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ’ਤੇ ‘ਹਮਲੇ’ ਦਾ ਖਦਸ਼ਾ ਜਤਾਇਆ ਗਿਆ ਸੀ।
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੀਤੇ ਵੀਰਵਾਰ ਨੂੰ ਕਿਹਾ ਸੀ ਕਿ ਕਾਂਗਰਸ ਦੇ ਕਈ ਮੈਂਬਰ ਪ੍ਰਧਾਨ ਮੰਤਰੀ ਦੀ ਚੇਅਰ ਨੇੜੇ ਪਹੁੰਚ ਕੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਦੇ ਕਹਿਣ ’ਤੇ ਪ੍ਰਧਾਨ ਮੰਤਰੀ ਸਦਨ ’ਚ ਨਹੀਂ ਆਏ। ਰਾਹੁਲ ਗਾਂਧੀ ਨੇ ਕਿਹਾ ਕਿ ਅਸਲ ਮੁੱਦਾ ਨਰਵਣੇ ਦੀ ਕਿਤਾਬ ਦਾ ਹੈ, ਜਿਸ ’ਤੇ ਸਰਕਾਰ ਚਰਚਾ ਤੋਂ ਬਚ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਤਿੰਨ-ਚਾਰ ਵਾਰ ਸਦਨ ਦੀ ਕਾਰਵਾਈ ਰੋਕ ਕੇ ਉਨ੍ਹਾਂ ਨੂੰ ਬੋਲਣ ਤੋਂ ਰੋਕਿਆ।
ਰਾਹੁਲ ਗਾਂਧੀ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਕਿਸੇ ਕਿਤਾਬ ਦਾ ਹਵਾਲਾ ਨਹੀਂ ਦੇ ਸਕਦੇ, ਫਿਰ ਮੈਗਜ਼ੀਨ ਦੇ ਹਵਾਲੇ ’ਤੇ ਵੀ ਰੋਕ ਲਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਰੱਖਿਆ ਮੰਤਰੀ ਨੇ ਗਲਤ ਦਾਅਵਾ ਕੀਤਾ ਕਿ ਉਹ ਕਿਤਾਬ ਪ੍ਰਕਾਸ਼ਿਤ ਨਹੀਂ ਹੋਈ, ਜਦਕਿ ਉਸ ਦੀ ਇਕ ਕਾਪੀ ਉਨ੍ਹਾਂ ਕੋਲ ਮੌਜੂਦ ਹੈ।
ਵਿਰੋਧੀ ਧਿਰ ਦੇ ਨੇਤਾ ਨੇ ਸਵਾਲ ਚੁੱਕਿਆ ਕਿ ਜਦੋਂ ਸੱਤਾ ਪੱਖ ਦੇ ਮੈਂਬਰ ਕਿਤਾਬਾਂ ਦੇ ਹਵਾਲੇ ਦੇ ਕੇ ਇਤਰਾਜ਼ਯੋਗ ਗੱਲਾਂ ਕਰਦੇ ਹਨ, ਤਾਂ ਉਨ੍ਹਾਂ ਨੂੰ ਨਹੀਂ ਰੋਕਿਆ ਜਾਂਦਾ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਵਿਰੋਧੀ ਧਿਰ ਨੂੰ ਬੋਲਣ ਦੀ ਇਜਾਜ਼ਤ ਨਾ ਦੇਣਾ ਇਕ ਵੱਡਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਦਬਾ ਰਹੀ ਹੈ।
Read More : ਸੰਸਦ ਅਤੇ ਦਿੱਲੀ ਦੇ 15 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
