ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨ ’ਚ ਬੁਰੀ ਤਰ੍ਹਾਂ ਫੇਲ : ਭੂਪੇਸ਼ ਬਘੇਲ
ਪਟਿਆਲਾ, 11 ਫਰਵਰੀ : ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਦੀ ਸੁਰੱਖਿਆ ਕਰਨ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਾਰਾ ਧਿਆਨ ਸਿਆਸੀ ਬਦਲਾਖੋਰੀ ’ਤੇ ਹੈ, ਜਿਸ ਕਾਰਨ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਅਤੇ ਗੁਰੂਆਂ ਦੀ ਧਰਤੀ ਗੈਂਗਸਟਰਾਂ ਦਾ ਅੱਡਾ ਬਣ ਗਈ ਹੈ।
ਭੂਪੇਸ਼ ਬਘੇਲ ਇੱਥੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਵਿਖੇ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਕੱਢੇ ਗਏ ਪੈਦਲ ਰੋਸ ਮਾਰਚ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੋ-ਇੰਚਾਰਜ ਹਿਨਾ ਕਾਵਰੇ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।
ਬਘੇਲ ਨੇ ਦੋਸ਼ ਲਾਇਆ ਕਿ ਪੰਜਾਬ ਦੇ ਕਰੋੜਾਂ ਰੁਪਏ ਦਿੱਲੀ ਦੇ ਆਗੂਆਂ ਦੀ ਸੁਰੱਖਿਆ ਅਤੇ ਐਸ਼ਪ੍ਰਸਤੀ ’ਤੇ ਖ਼ਰਚ ਕੀਤੇ ਜਾ ਰਹੇ ਹਨ, ਜਦਕਿ ਮਹਿਲਾਵਾਂ ਨਾਲ ਕੀਤੇ 1500 ਰੁਪਏ ਮਹੀਨਾ ਦੇਣ ਦੇ ਵਾਅਦੇ ਨੂੰ ਵਿਸਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਦਾ ਹੈ, ਉਸ ਖ਼ਿਲਾਫ਼ ਸਰਕਾਰੀ ਤੰਤਰ ਦਾ ਇਸਤੇਮਾਲ ਕਰਕੇ ਆਵਾਜ਼ ਦਬਾਈ ਜਾਂਦੀ ਹੈ।
ਰਾਜਾ ਵੜਿੰਗ ਨੇ ਵੀ ਸਰਕਾਰ ਨੂੰ ਹਰ ਫਰੰਟ ’ਤੇ ਫੇਲ ਕਰਾਰ ਦਿੱਤਾ। ਰੋਸ ਮਾਰਚ ਦੇ ਆਯੋਜਕ ਮੋਹਿਤ ਮਹਿੰਦਰਾ ਨੇ ਕਿਹਾ ਕਿ ‘ਆਪ’ ਸਰਕਾਰ ਭਾਜਪਾ ਦੀ ‘ਬੀ ਟੀਮ’ ਵਜੋਂ ਕੰਮ ਕਰ ਰਹੀ ਹੈ ਅਤੇ ਕਿਸਾਨਾਂ-ਮੁਲਾਜ਼ਮਾਂ ’ਤੇ ਜ਼ੁਲਮ ਕਰ ਰਹੀ ਹੈ।
ਇਸ ਮੌਕੇ ਐੱਮ. ਪੀ. ਡਾ. ਧਰਮਵੀਰ ਗਾਂਧੀ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਵਿਸ਼ਨੂੰ ਸ਼ਰਮਾ, ਸਾਬਕਾ ਏ. ਡੀ. ਜੀ. ਪੀ. ਗੁਰਿੰਦਰ ਸਿੰਘ ਢਿੱਲੋਂ, ਜ਼ਿਲਾ ਸ਼ਹਿਰੀ ਪ੍ਰਧਾਨ ਨਰੇਸ਼ ਦੁੱਗਲ ਸਮੇਤ ਕਈ ਆਗੂ ਹਾਜ਼ਰ ਸਨ।
Read More : ਜੇਲ ’ਚ ਬੰਦ ਸਾਥੀਆਂ ਦੀ ਰਿਹਾਈ ਲਈ ਕੰਟਰੈਕਟ ਵਰਕਰਾਂ ਵੱਲੋਂ ਹੜਤਾਲ
