ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਕੱਢਿਆ ਮਹੱਲਾ

ਗੱਤਕੇ ਦੇ ਕਰਤੱਵ ਵਿਖਾਏ

ਸ੍ਰੀ ਮੁਕਤਸਰ ਸਾਹਿਬ ਦੇ 40 (ਮੁਕਤਿਆਂ) ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਬੁੱਢਾ ਦਲ ਨੂੰ ਬਖਸ਼ਿਸ਼ ਨਿਸ਼ਾਨ ਸਾਹਿਬ ਤੇ ਨਿਗਾਰਿਆਂ ਦੀ ਛਤਰ ਛਾਇਆ ਹੇਠ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਨੇੜੇ ਗੁਰਦੁਆਰਾ ਤੰਬੂ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮਹੱਲਾ ਦੀ ਆਰੰਭਤਾ ਹੋਈ।
ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਆਖੰਡ ਪਾਠਾਂ ਦੇ ਭੋਗ ਨਿਹੰਗ ਸਿੰਘਾਂ ਦੀ ਚਲੀ ਆਉਂਦੀ ਪੁਰਾਤਨ ਮਰਿਯਾਦਾ ਅਨੁਸਾਰ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨਵਾਲੇ ਤੇ ਵੱਖ-ਵੱਖ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਮਾਘੀ ਦੇ ਪਾਵਨ ਦਿਹਾੜੇ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਪੁੱਜੀ ਸੰਗਤ ਤੇ ਉਨ੍ਹਾਂ ਦੀ ਟਹਿਲ ਸੇਵਾ ਕਰਨ ’ਚ ਲੱਗੇ ਸਭ ਸੇਵਾ ਦਲਾਂ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਇਹ ਮੁਕਤਸਰ ਸਾਹਿਬ ਦਾ ਜੋੜ ਮੇਲਾ ਭੁੱਲਾਂ ਬਖਸ਼ਾ ਕੇ ਗੁਰੂ ਦਾ ਲੜ ਫੜਨ ਵਾਲਾ ਹੈ। ਬੇਦਾਵਾ ਦੇਣ ਵਾਲੇ ਸਿੰਘਾਂ ਨੇ ਕੁਰਬਾਨੀ ਦੇ ਕੇ ਆਪਣੀ ਭੁੱਲ ਗੁਰੂ ਜੀ ਤੋਂ ਬਖ਼ਸ਼ਾ ਕੇ ਵੱਖ-ਵੱਖ ਖਿਤਾਬਾਂ ਦੇ ਰੂਪ ’ਚ ਅਸੀਸਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸੰਘਰਸ਼ ਪੂਰਨ ਤੇ ਸ਼ਾਨਾਮਤਾ ਹੈ।ਹਰ ਸਿੱਖ ਨੂੰ ਹਰ ਸਮੇਂ ਚੜ੍ਹਦੀਕਲ੍ਹਾ ’ਚ ਰਹਿੰਦਿਆਂ ਕੌਮ ਦੀ ਬੇਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ।
ਗੁਰਦੁਆਰਾ ਬਾਬਾ ਨੈਣਾ ਸਿੰਘ ਜੀ ਤੋਂ ਬੁੱਢਾ ਦਲ ਦੀ ਅਗਵਾਈ ’ਚ ਵੱਖ-ਵੱਖ ਤਰਨਾ ਦਲਾਂ ਦੇ ਮੁਖੀ ਨਿਹੰਗ ਸਿੰਘਾਂ ਦਾ ਵਿਸ਼ਾਲ ਕਾਫਲਾ ਹਾਥੀਆਂ, ਊਠਾਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਪੈਦਲ ਯਾਤਰਾ ਕਰਦੇ ਨਿਹੰਗ ਸਿੰਘ ਗੁਰੂ ਦੀਆਂ ਲਾਡਲੀਆਂ ਫੌਜਾਂ ਦਾ ਮਹੱਲਾ ਖਾਲਸਾਈ ਜੈਕਾਰਿਆਂ ਨਾਲ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁ. ਖੂਹ ਸਾਹਿਬ ਨੇੜਲੇ ਮੈਦਾਨ ’ਚ ਪਾਣੀ ਹੋਣ ਕਾਰਨ ਮਲੋਟ ਰੋਡ ’ਤੇ ਖੁੱਲ੍ਹੇ ਮੈਦਾਨ ’ਚ ਵਾਜਿਆਂ-ਗਾਜਿਆਂ ਸਮੇਤ ਪੁੱਜਾ।
ਬੈਂਡ-ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲਾਂ ’ਤੇ ਡਗੇ, ਨਗਾਰਿਆਂ ’ਤੇ ਚੋਟਾਂ ਲਗਾਉਂਦੇ, ਨਰਸਿੰਙੇ ਵਜਾਉਂਦਿਆਂ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ’ਚ ਲੋਕ ਹਾਜ਼ਰ ਹੋਏ। ਗੱਤਕੇ ਦੇ ਖੁਲੇ ਪ੍ਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗੱਤਕੇ ਦੇ ਜ਼ੌਹਰ ਵਿਖਾਏ।

Leave a Reply

Your email address will not be published. Required fields are marked *