ਮੁੱਖ ਮੰਤਰੀ ਮਾਨ ਪੰਜਾਬ ਦੇ ਦਰਿਆਈ ਪਾਣੀਆਂ ਦਾ ਸੌਦਾ ਕਰਨ ਲਈ ਪੱਬਾਂ ਭਾਰ : ਸੁਖਬੀਰ ਬਾਦ
ਕਾਦੀਆਂ, 17 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਦੇ ਪਹਿਲੇ ਪੜਾਅ ਦਾ ਬਿਗਲ ਵਜਾਉਂਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਤੂਫ਼ਾਨ ਸ਼ੁਰੂ ਹੋ ਗਿਆ ਹੈ, ਜੋ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਨੂੰ ਪੰਜਾਬ ’ਚੋਂ ਬਾਹਰ ਕਰ ਦੇਵੇਗਾ। ਜ਼ਿਲਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਕਾਦੀਆਂ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਸਾਨਾਂ ਦੀ ਭਲਾਈ, ਦਰਿਆਈ ਪਾਣੀਆਂ ਦੀ ਰਾਖੀ, ਨੌਜਵਾਨਾਂ ਲਈ 10 ਲੱਖ ਰੁਪਏ ਦਾ ਵਿਆਜ਼ ਮੁਕਤ ਕਰਜ਼ਾ ਅਤੇ ਨਸ਼ਾ ਮਾਫ਼ੀਆ ਖ਼ਤਮ ਕਰਨ ਵਰਗੇ ਕਈ ਅਹਿਮ ਵਾਅਦੇ ਕੀਤੇ।
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਦਾ ਸੌਦਾ ਕਰਨ ਲਈ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਕੋਲ ਮੌਜੂਦ ਫ਼ਾਈਲਾਂ ਦੇ ਡਰੋਂ ਮੁੱਖ ਮੰਤਰੀ ਐੱਸ.ਵਾਈ.ਐੱਲ. ਨਹਿਰ ਰਾਹੀਂ ਹਰਿਆਣਾ ਨੂੰ ਪਾਣੀ ਦੇਣ ਦੇ ਮਾਮਲੇ ’ਚ ਨਰਮ ਪੈ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ। ਬਾਦਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਦੀਆਂ ਸੀਟਾਂ ਵੱਡੇ ਕਾਰੋਬਾਰੀਆਂ ਨੂੰ ਵੇਚੀਆਂ ਹਨ।
ਬਾਦਲ ਨੇ ਐਲਾਨ ਕੀਤਾ ਕਿ 2027 ’ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਨੂੰ ਮੁੜ ਲਾਗੂ ਕੀਤਾ ਜਾਵੇਗਾ। ਇਸ ਤਹਿਤ ਆਟਾ 4 ਰੁਪਏ ਕਿੱਲੋ ਤੇ ਦਾਲ 20 ਰੁਪਏ ਕਿੱਲੋ ਦਿੱਤੀ ਜਾਵੇਗੀ, ਸ਼ਗਨ ਸਕੀਮ 1 ਲੱਖ ਰੁਪਏ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਮਹੀਨਾ ਕੀਤੀ ਜਾਵੇਗੀ। ਨੌਜਵਾਨਾਂ ਲਈ ਪ੍ਰਾਈਵੇਟ ਉਦਯੋਗਾਂ ’ਚ 75 ਫੀਸਦੀ ਰਾਖਵਾਂਕਰਨ ਕਰਨ ਅਤੇ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਨੂੰ ਦੇਣ ਦਾ ਵਾਅਦਾ ਵੀ ਕੀਤਾ ਗਿਆ।
ਇਸ ਤੋਂ ਪਹਿਲਾਂ ਕਾਦੀਆਂ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਹਲਕੇ ਦੇ ਮੁੱਦੇ ਚੁੱਕਦਿਆਂ ਧੁੱਸੀ ਬੰਨ੍ਹ ਮਜ਼ਬੂਤ ਕਰਨ ਅਤੇ ਲਾਧੂਪੁਰ ਵਿਖੇ ਸਰਕਾਰੀ ਕਾਲਜ ਮੁੜ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਅਤੇ ਸਰਬਜੀਤ ਸਿੰਘ ਝਿੰਜਰ ਨੇ ਵੀ ਸੰਬੋਧਨ ਕੀਤਾ।
Read More : ਬਠਿੰਡਾ ਦੇ ਮਾਲ ਰੋਡ ’ਤੇ ਪੁਲਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, 5 ਕਾਬੂ
