suspended

ਹਰਬਰਿੰਦਰ ਕਤਲ ਕਾਂਡ : ਡੀ.ਐਸ.ਪੀ. ਪੱਟੀ ਤੇ ਐਸ.ਐਚ.ਓ. ਸਰਹਾਲੀ ਮੁਅੱਤਲ

ਮੁੱਖ ਮੰਤਰੀ ਮਾਨ ਵੱਲੋਂ ਜਾਂਚ ਦਾ ਜਾਇਜ਼ਾ ਲੈਣ ਮਗਰੋਂ ਪੁਲਿਸ ਪ੍ਰਸ਼ਾਸਨ ਸਖ਼ਤ, ਡੀਜੀਪੀ ਗੌਰਵ ਯਾਦਵ ਵੱਲੋਂ ਜਾਂਚ ਲਈ ਟੀਮਾਂ ਗਠਿਤ

ਚੰਡੀਗੜ੍ਹ, 18 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਫੜ ਕੇ ਨਿਆਂ ਦੇ ਘੇਰੇ ਵਿੱਚ ਲਿਆਉਣ।

ਜਾਣਕਾਰੀ ਅਨੁਸਾਰ ਪੀੜਤ ਹਰਬਰਿੰਦਰ ਸਿੰਘ ਨੂੰ ਸਰਹਾਲੀ ਪੁਲਿਸ ਥਾਣੇ ਦੇ ਅਧੀਨ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।

ਇਸ ਘਟਨਾ ਦੌਰਾਨ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਹੋਰ ਵਿਅਕਤੀ ਦੀ ਲੱਤ ਵਿੱਚ ਵੀ ਗੋਲੀ ਲੱਗੀ ਹੈ, ਜੋ ਇਸ ਸਮੇਂ ਜ਼ੇਰੇ-ਇਲਾਜ ਹੈ। ਘਟਨਾ ਦੀ ਜਵਾਬਦੇਹੀ ਤੈਅ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਡੀਐਸਪੀ ਪੱਟੀ, ਜਗਬੀਰ ਸਿੰਘ ਅਤੇ ਐਸਐਚਓ ਸਰਹਾਲੀ, ਗੁਰਵਿੰਦਰ ਸਿੰਘ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ।

ਡੀਜੀਪੀ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ ਹੈ। ਐਸਐਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਜਬਰਨ ਵਸੂਲੀ ਜਾਂ ਧਮਕੀ ਵਰਗਾ ਕੋਈ ਪਹਿਲੂ ਸਾਹਮਣੇ ਨਹੀਂ ਆਇਆ ਅਤੇ ਮੁੱਢਲੀ ਪੁੱਛਗਿੱਛ ਤੋਂ ਜਾਪਦਾ ਹੈ ਕਿ ਇਹ ਵਾਰਦਾਤ ਨਿੱਜੀ ਦੁਸ਼ਮਣੀ ਜਾਂ ਬਦਲਾਖ਼ੋਰੀ ਕਾਰਨ ਹੋਈ ਹੋ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਮਾਮਲੇ ਦੀ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਜਾਂਚ ਲਈ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਜੋ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀਆਂ ਹਨ। ਇਸ ਦੇ ਨਾਲ ਹੀ ਐਫਐਸਐਲ ਟੀਮ ਵੱਲੋਂ ਮੌਕਾ-ਏ-ਵਾਰਦਾਤ ਤੋਂ ਸਬੂਤ ਜੁਟਾਏ ਜਾ ਰਹੇ ਹਨ। ਐਸਐਸਪੀ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ।

Read More : ਸਮੁੰਦਰੀ ਫ਼ੌਜ ਦੇਸ਼ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਚੌਕਸ : ਰਾਸ਼ਟਰਪਤੀ ਮੁਰਮੂ

Leave a Reply

Your email address will not be published. Required fields are marked *