ਪਾਕਿਸਤਾਨੀ ਤਸਕਰਾਂ ਨਾਲ ਸੋਸ਼ਲ ਮੀਡੀਆ ਰਾਹੀਂ ਜੁੜੇ ਸਨ ਮੁਲਜ਼ਮ
ਅੰਮ੍ਰਿਤਸਰ, 22 ਫਰਵਰੀ : ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ 5 ਆਧੁਨਿਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਕਾਰਵਾਈ ਦੀ ਜਾਣਕਾਰੀ ਪੰਜਾਬ ਪੁਲਿਸ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ਰਾਹੀਂ ਸਾਂਝੀ ਕੀਤੀ ਗਈ ਹੈ।
ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੇਹੱਦ ਚਲਾਕੀ ਨਾਲ ਆਪਣਾ ਨੈੱਟਵਰਕ ਚਲਾ ਰਹੇ ਸਨ। ਉਹ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਹਥਿਆਰ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ। ਪਾਕਿਸਤਾਨੀ ਤਸਕਰਾਂ ਦੇ ਨਿਰਦੇਸ਼ਾਂ ‘ਤੇ ਹੀ ਇਹ ਮੁਲਜ਼ਮ ਸਥਾਨਕ ਪੱਧਰ ‘ਤੇ ਅਪਰਾਧਿਕ ਅਨਸਰਾਂ ਨੂੰ ਨਾਜਾਇਜ਼ ਹਥਿਆਰ ਸਪਲਾਈ ਕਰਨ ਦਾ ਕੰਮ ਕਰਦੇ ਸਨ। ਪੁਲਿਸ ਅਨੁਸਾਰ, ਇਹ ਮੁਲਜ਼ਮ ਇੰਨੀ ਸ਼ਾਤਰਤਾ ਨਾਲ ਕੰਮ ਕਰਦੇ ਸਨ ਕਿ ਕਿਸੇ ਨੂੰ ਵੀ ਇਨ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਸ਼ੱਕ ਨਹੀਂ ਹੋਇਆ।
ਅੰਮ੍ਰਿਤਸਰ ਦੇ ਛਾਉਣੀ ਪੁਲਿਸ ਸਟੇਸ਼ਨ ਵਿਖੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫ.ਆਈ.ਆਰ. (FIR) ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਗੱਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਕਿ ਇਸ ਨੈੱਟਵਰਕ ਦੇ ‘ਬੈਕਵਰਡ’ ਅਤੇ ‘ਫਾਰਵਰਡ’ ਲਿੰਕਸ ਕਿੱਥੇ-ਕਿੱਥੇ ਜੁੜੇ ਹੋਏ ਹਨ।
Read More : ਵੱਡੀ ਵਾਰਦਾਤ : ਡਿਊਟੀ ‘ਤੇ ਤਾਇਨਾਤ ਏ.ਐੱਸ.ਆਈ ਅਤੇ ਹੋਮਗਾਰਡ ਜਵਾਨ ਦਾ ਗੋਲੀਆਂ ਮਾਰ ਕੇ ਕਤਲ
