ਨੀਲੇ ਕਾਰਡ ਧਾਰਕਾਂ ਨੂੰ ਕਣਕ ਤੋਂ ਇਲਾਵਾ ਹੁਣ ਦਾਲ, ਖੰਡ, ਤੇਲ ਅਤੇ ਮਸਾਲੇ ਵੀ ਦੇਵੇਗੀ ਸਰਕਾਰ; ਅਪ੍ਰੈਲ ਤੋਂ ਸ਼ੁਰੂ ਹੋਵੇਗੀ ਵੰਡ
ਚੰਡੀਗੜ੍ਹ, 23 ਫਰਵਰੀ : ਚੰਡੀਗੜ੍ਹ, 23 ਫਰਵਰੀ : ਪੰਜਾਬ ਵਿੱਚ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਮਹੀਨੇ ਤੋਂ ਹਰ ਤਿੰਨ ਮਹੀਨਿਆਂ (ਤਿਮਾਹੀ) ਬਾਅਦ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਮਿਲਣ ਵਾਲੀ ਕਣਕ ਤੋਂ ਵੱਖਰੀਆਂ ਹੋਣਗੀਆਂ।
ਮੁੱਖ ਮੰਤਰੀ ਨੇ ਦੱਸਿਆ ਕਿ ਹਰੇਕ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਯੁਕਤ ਨਮਕ, 200 ਗ੍ਰਾਮ ਹਲਦੀ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ। ਮਾਰਕਫੈੱਡ (Markfed) ਇਸ ਯੋਜਨਾ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗੀ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਰਾਹੀਂ ਵੰਡ ਯਕੀਨੀ ਬਣਾਈ ਜਾਵੇਗੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਵਸਤਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਅਨਿਯਮਿਤਤਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਲੀਡਰਾਂ ਨੇ ਜਨਤਾ ਦਾ ਪੈਸਾ ਲੁੱਟ ਕੇ ਆਪਣੀਆਂ ਜੇਬਾਂ ਭਰੀਆਂ, ਪਰ ਮੌਜੂਦਾ ਇਮਾਨਦਾਰ ਸਰਕਾਰ ਲੋਕਾਂ ਦਾ ਇੱਕ-ਇੱਕ ਪੈਸਾ ਉਨ੍ਹਾਂ ਦੀ ਸੇਵਾ ‘ਤੇ ਖਰਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਨਹੀਂ ਸੀ, ਪਰ ਲੋਕਾਂ ਪ੍ਰਤੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਇਸ ਨੂੰ ਲਾਗੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਯੋਜਨਾ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਦੇ ਗਰੀਬ ਅਤੇ ਦਲਿਤ ਪਰਿਵਾਰਾਂ ਨੂੰ ਹੋਵੇਗਾ। ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ ਕਿ ਆਉਣ ਵਾਲਾ ਬਜਟ ਪੂਰੀ ਤਰ੍ਹਾਂ ਲੋਕ-ਪੱਖੀ ਹੋਵੇਗਾ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਭਲਾਈ ਉਪਰਾਲਿਆਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
Read More : ਪ੍ਰੀਖਿਆ ‘ਚ ਘੱਟ ਅੰਕ ਆਉਣ ਕਾਰਨ ਨੌਜਵਾਨ ਵੱਲੋਂ ਖ਼ੁਦਕੁਸ਼ੀ
