ਚੰਡੀਗੜ੍ਹ, 23 ਫਰਵਰੀ : ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ‘ਐਨ.ਆਰ.ਆਈ. ਮਿਲਣੀਆਂ’ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਐਨ.ਆਰ.ਆਈ. ਮਾਮਲਿਆਂ ਸਬੰਧੀ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਾਂਝੀ ਕੀਤੀ।
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਲਣੀਆਂ ਦਾ ਮੁੱਖ ਮਕਸਦ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਬੂਹੇ ‘ਤੇ ਜਾ ਕੇ ਹੱਲ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ।
ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਦਾ ਨਿਪਟਾਰਾ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਪ੍ਰਵਾਸੀ ਪੰਜਾਬੀਆਂ ਦੀ ਜ਼ਮੀਨ-ਜਾਇਦਾਦ ਅਤੇ ਹੋਰ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਸੰਜੀਦਾ ਹੈ ਅਤੇ ਇਸ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਐਨ.ਆਰ.ਆਈ. ਸਭਾ’ ਦੀ ਚੋਣ ਪ੍ਰਕਿਰਿਆ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ।
ਇਸ ਅਹਿਮ ਮੀਟਿੰਗ ਦੌਰਾਨ ਐਨ.ਆਰ.ਆਈ. ਵਿਭਾਗ ਦੇ ਸਕੱਤਰ ਸ੍ਰੀ ਵੀ. ਐਨ. ਜ਼ਾਦੇ, ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਐਨ.ਆਰ.ਆਈ. ਵਿਭਾਗ ਦੀ ਵਿਸ਼ੇਸ਼ ਸਕੱਤਰ ਸ੍ਰੀਮਤੀ ਅਮਨਦੀਪ ਕੌਰ, ਏ.ਡੀ.ਜੀ.ਪੀ. (ਐਨ.ਆਰ.ਆਈ.) ਸ੍ਰੀ ਆਰ. ਕੇ. ਜੈਸਵਾਲ, ਵਧੀਕ ਸਕੱਤਰ ਸ੍ਰੀ ਆਰ. ਬੀ. ਐਸ. ਬਰਾੜ ਅਤੇ ਏ.ਆਈ.ਜੀ. ਸ੍ਰੀ ਅਜਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Read More : ਪ੍ਰੇਮੀ ਨੇ ਵਿਆਹੁਤਾ ਪ੍ਰੇਮਿਕਾ ’ਤੇ ਕੀਤਾ ਜਾਨਲੇਵਾ ਹਮਲਾ, ਫਿਰ ਉਸੇ ਹਥਿਆਰ ਨਾਲ ਕੀਤੀ ਖੁਦਕੁਸ਼ੀ
