ਹਰਿਆਣਾ ਨੂੰ ਦੱਸਿਆ ਨਸ਼ਿਆਂ ਦਾ ਅੱਡਾ; ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਪਿੰਡਾਂ ‘ਚ ਕਮੇਟੀਆਂ ਦਾ ਗਠਨ
ਚੰਡੀਗੜ੍ਹ, 24 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਜ਼ਿਕਰ ਕੀਤਾ।
ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਪੱਧਰ ‘ਤੇ ‘ਵਿਲੇਜ਼ ਡਿਫੈਂਸ ਕਮੇਟੀਆਂ’ ਬਣਾਈਆਂ ਹਨ। ਉਨ੍ਹਾਂ ਮੋਗਾ ਵਿੱਚ ਹੋਈ ਵੱਡੀ ਰੈਲੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਚੁਕਾਈ ਗਈ ਸਹੁੰ ਹੁਣ ਇੱਕ ਲੋਕ ਲਹਿਰ ਬਣ ਚੁੱਕੀ ਹੈ।
ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਹਰਪਾਲ ਚੀਮਾ ਨੇ ਕਿਹਾ ਕਿ 2007 ਤੋਂ 2017 ਤੱਕ ਅਕਾਲੀ-ਭਾਜਪਾ ਦੀ ਸਰਕਾਰ ਰਹੀ, ਜਿਸ ਨੇ ਪੰਥ ਦੇ ਨਾਂ ‘ਤੇ ਵੋਟਾਂ ਤਾਂ ਲਈਆਂ ਪਰ ਸੂਬੇ ਵਿੱਚ ਨਸ਼ਾ ਫੈਲਾਇਆ। ਉਨ੍ਹਾਂ ਸਿੱਧਾ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ‘ਚਿੱਟਾ’ ਸ਼ਬਦ ਦੀ ਸ਼ੁਰੂਆਤ ਵੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੀ ਹੋਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਧੱਕਣ ਦਾ ਗੁਨਾਹ ਕੀਤਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਦੀਆਂ ਪੰਜਾਬ ਵਿੱਚ ਮੀਟਿੰਗਾਂ ‘ਤੇ ਸਵਾਲ ਚੁੱਕਦਿਆਂ ਚੀਮਾ ਨੇ ਕਿਹਾ ਕਿ ਹਰਿਆਣਾ ਹੁਣ ਨਸ਼ਿਆਂ ਦਾ ਅੱਡਾ ਬਣ ਚੁੱਕਾ ਹੈ। ਉਨ੍ਹਾਂ ਹਰਿਆਣਾ ਪੁਲਿਸ ਦੇ ਇੱਕ ਮੁਲਾਜ਼ਮ ਸੁਨੀਲ ਸੰਧੂ ਦਾ ਜ਼ਿਕਰ ਕੀਤਾ, ਜਿਸ ਨੇ ਨਸ਼ਾ ਵਿਰੋਧੀ ਮੁਹਿੰਮ ਚਲਾਈ ਸੀ।
ਚੀਮਾ ਨੇ ਦਾਅਵਾ ਕੀਤਾ ਕਿ ਇਸ ਕਰਮਚਾਰੀ ਨੂੰ, ਜਿਸ ਨੂੰ ਰਾਜਪਾਲ ਅਤੇ ਸੀਐਮ ਵੱਲੋਂ ਸਨਮਾਨਿਤ ਕੀਤਾ ਗਿਆ ਸੀ, ਹੁਣ ਝੂਠੇ ਕੇਸਾਂ ਵਿੱਚ ਫਸਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਨਸ਼ਿਆਂ ਖ਼ਿਲਾਫ਼ ਕੰਮ ਕਰਨ ਵਾਲੇ ਅਧਿਕਾਰੀ ਸੁਰੱਖਿਅਤ ਨਹੀਂ ਹਨ, ਜਦਕਿ ਪੰਜਾਬ ਸਰਕਾਰ ਨਸ਼ਾ ਮੁਕਤੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।
Read More : ਕੰਗਨਾ ਰਣੌਤ ਮਾਣਹਾਨੀ ਕੇਸ : ਬਠਿੰਡਾ ਅਦਾਲਤ ਵਿਚ ਅੱਜ ਹੋਣ ਵਾਲੀ ਸੁਣਵਾਈ ਟਲੀ
