ਸ਼ਹੀਦ ਏ.ਐੱਸ.ਆਈ.

ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ

ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਸਮੇਤ ਉੱਚ ਪੁਲਸ ਅਧਿਕਾਰੀਆਂ ਨੇ ਦਿੱਤੀ ਸ਼ਰਧਾਂਜਲੀ; ਜਲਦ ਦੋਸ਼ੀਆਂ ਨੂੰ ਫੜਨ ਦਾ ਭਰੋਸਾ

ਗੁਰਦਾਸਪੁਰ, 24 ਫਰਵਰੀ : ਪੰਜਾਬ ਪੁਲਸ ਦੇ ਏ.ਐੱਸ.ਆਈ. ਗੁਰਨਾਮ ਸਿੰਘ, ਜੋ ਗੁਰਦਾਸਪੁਰ ਦੀ ਆਦੀਆਂ ਪੋਸਟ ’ਤੇ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ, ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਗਾਦੜੀਆ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸ਼ਹੀਦ ਦੇ ਪੁੱਤਰ ਨੇ ਆਪਣੇ ਪਿਤਾ ਦੀ ਚਿਤਾ ਨੂੰ ਅਗਨੀ ਦਿਖਾਈ। ਇਸ ਮੌਕੇ ਪੁਲਸ ਦੀ ਇੱਕ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ।

ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਏ.ਡੀ.ਜੀ.ਪੀ. ਏ.ਐੱਸ. ਰਾਏ, ਡੀ.ਆਈ.ਜੀ. ਸੰਦੀਪ ਗੋਇਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੀ ਪੁਲਸ ਫੋਰਸ ਸ਼ਹੀਦ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਸ ਵੱਖ-ਵੱਖ ਪਹਿਲੂਆਂ ’ਤੇ ਕੰਮ ਕਰ ਰਹੀ ਹੈ ਅਤੇ ਦੋਸ਼ੀ ਜਲਦੀ ਹੀ ਪੁਲਸ ਦੀ ਗ੍ਰਿਫ਼ਤ ਵਿੱਚ ਹੋਣਗੇ।

ਜ਼ਿਕਰਯੋਗ ਹੈ ਕਿ ਸ਼ਹੀਦ ਗੁਰਨਾਮ ਸਿੰਘ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਅਤੇ ਇੱਕ ਬੇਟਾ ਛੱਡ ਗਏ ਹਨ। ਇੱਕ ਬੇਟੀ ਦਾ ਵਿਆਹ ਅਜੇ ਇੱਕ ਮਹੀਨਾ ਪਹਿਲਾਂ ਹੀ ਹੋਇਆ ਸੀ, ਜੋ ਇਸ ਵੇਲੇ ਆਸਟ੍ਰੇਲੀਆ ਵਿੱਚ ਰਹਿ ਰਹੀ ਹੈ।

ਸ਼ਹੀਦ ਦੀ ਬੇਟੀ ਮਨਦੀਪ ਕੌਰ ਨੇ ਬੜੇ ਜਜ਼ਬੇ ਨਾਲ ਕਿਹਾ, “ਮੈਨੂੰ ਮਾਣ ਹੈ ਕਿ ਮੇਰੇ ਪਿਤਾ ਨੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ ਹੈ।” ਏ.ਡੀ.ਜੀ.ਪੀ. ਨੇ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਇਹ ਸਾਡਾ ਆਪਣਾ ਪਰਿਵਾਰ ਹੈ ਅਤੇ ਸਰਕਾਰ ਇਨ੍ਹਾਂ ਦੇ ਬਣਦੇ ਸਨਮਾਨ ਦਾ ਪੂਰਾ ਖ਼ਿਆਲ ਰੱਖੇਗੀ।

ਇਸ ਮੌਕੇ ਸ਼ਹੀਦ ਸੈਨਿਕ ਸੁਰੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਵਿੱਕੀ ਅਤੇ ਹੋਰ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Read More : ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ‘ਚ ਸ਼ੁਰੂ ਕੀਤਾ ਸੀ ‘ਚਿੱਟਾ’ : ਹਰਪਾਲ ਚੀਮਾ

Leave a Reply

Your email address will not be published. Required fields are marked *