ਸਮਾਣਾ

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ; ਸਮਾਣਾ ’ਚ ਸਿੱਖ ਸੰਗਤਾਂ ਅਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ

ਪੁਲਿਸ ਨਾਲ ਹੋਈ ਜ਼ਬਰਦਸਤ ਧੱਕਾ-ਮੁੱਕੀ; ਪਟਿਆਲਾ-ਹਿਸਾਰ ਅਤੇ ਸੰਗਰੂਰ ਰੋਡ ਪੂਰੀ ਤਰ੍ਹਾਂ ਜਾਮ

ਸਮਾਣਾ, 24 ਫਰਵਰੀ : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ ਸਮਾਣਾ ਵਿਖੇ ਸਿੱਖ ਸੰਗਤਾਂ ਅਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਜ਼ਿਕਰਯੋਗ ਹੈ ਕਿ ਭਾਈ ਗੁਰਜੀਤ ਸਿੰਘ ਖਾਲਸਾ ਪਿਛਲੇ 16 ਮਹੀਨਿਆਂ ਤੋਂ ਬੀ.ਐੱਸ.ਐੱਨ.ਐੱਲ. ਟਾਵਰ ’ਤੇ ਚੜ੍ਹ ਕੇ ਮੋਰਚਾ ਲਾਈ ਬੈਠੇ ਹਨ, ਪਰ ਸਰਕਾਰ ਵੱਲੋਂ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ ਸੰਗਤ ਦਾ ਗੁੱਸਾ ਫੁੱਟ ਪਿਆ।

ਜਦੋਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਪਤਾ ਲੱਗਾ ਕਿ ਪੁਲਿਸ ਨੇ ਸੰਗਤ ਨੂੰ ਰੋਕਣ ਲਈ ਰਸਤਿਆਂ ਵਿੱਚ ਮਿੱਟੀ ਦੇ ਟਿੱਪਰ ਲਗਾ ਕੇ ਨਾਕਾਬੰਦੀ ਕੀਤੀ ਹੋਈ ਹੈ, ਤਾਂ ਮਾਹੌਲ ਤਣਾਅਪੂਰਨ ਹੋ ਗਿਆ। ਪ੍ਰਦਰਸ਼ਨਕਾਰੀ ਜਦੋਂ ਬਾਬਾ ਬੰਦਾ ਸਿੰਘ ਬਹਾਦਰ ਚੌਕ ਵੱਲ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹੋਈ ਤਿੱਖੀ ਧੱਕਾ-ਮੁੱਕੀ ਵਿੱਚ ਕਈ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸੱਟਾਂ ਲੱਗੀਆਂ। ਪੁਲਿਸ ਦੀਆਂ ਰੋਕਾਂ ਦੇ ਬਾਵਜੂਦ ਕਿਸਾਨ ਗਲੀਆਂ ਰਾਹੀਂ ਹੁੰਦੇ ਹੋਏ ਚੌਕ ਵਿੱਚ ਪਹੁੰਚ ਗਏ ਅਤੇ ਵਿਸ਼ਾਲ ਧਰਨਾ ਲਗਾ ਦਿੱਤਾ।

ਧਰਨੇ ਕਾਰਨ ਪਟਿਆਲਾ-ਹਿਸਾਰ, ਸਮਾਣਾ-ਸੰਗਰੂਰ ਅਤੇ ਸਮਾਣਾ-ਭਵਾਨੀਗੜ੍ਹ ਰੋਡ ਪੂਰੀ ਤਰ੍ਹਾਂ ਬੰਦ ਹੋ ਗਏ। ਸੜਕਾਂ ਦੇ ਚਾਰੇ ਪਾਸੇ ਕਈ ਕਿਲੋਮੀਟਰ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਨਾਲ ਆਮ ਜਨਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਯੂਨੀਅਨ ਆਗੂ ਕੁਲਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਜਮਹੂਰੀਅਤ ਨੂੰ ਖ਼ਤਮ ਕਰਕੇ ਤਾਨਾਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਧਰਨੇ ਵਿੱਚ ਆ ਰਹੇ ਲੋਕਾਂ ਨੂੰ ਰਸਤੇ ਵਿੱਚ ਹੀ ਗ੍ਰਿਫ਼ਤਾਰ ਕਰਕੇ ਥਾਣਿਆਂ ਵਿੱਚ ਬੰਦ ਕੀਤਾ ਗਿਆ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ।

ਆਗੂਆਂ ਨੇ ਮੰਗ ਕੀਤੀ ਕਿ ਬੇਅਦਬੀ ਵਿਰੁੱਧ ਤੁਰੰਤ ਸਖ਼ਤ ਕਾਨੂੰਨ ਬਣਾਇਆ ਜਾਵੇ। ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਨੂੰ ਜਲਦੀ ਰਿਹਾਅ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਕੋਈ ਠੋਸ ਭਰੋਸਾ ਨਹੀਂ ਮਿਲਦਾ, ਇਹ ਧਰਨਾ ਲਗਾਤਾਰ ਜਾਰੀ ਰਹੇਗਾ।

Read More : ਅਦਾਕਾਰ ਰਣਵੀਰ ਸਿੰਘ ਨੂੰ ਕਰਨਾਟਕ ਹਾਈ ਕੋਰਟ ਤੋਂ ਮਿਲੀ ਰਾਹਤ

Leave a Reply

Your email address will not be published. Required fields are marked *