ਈਮੇਲ ਰਾਹੀਂ ਦਿੱਤੀ ਗਈ ਧਮਕੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ
ਚੰਡੀਗੜ੍ਹ, 26 ਫਰਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਇੱਕ ਵਾਰ ਫਿਰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸੂਚਨਾ ਤੋਂ ਬਾਅਦ ਹਾਈ ਕੋਰਟ ਪਰਿਸਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਡਾਗ ਸਕੁਐਡ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਸੂਤਰਾਂ ਅਨੁਸਾਰ ਇਹ ਧਮਕੀ ਭਰੀ ਈਮੇਲ ਹਾਈ ਕੋਰਟ ਦੇ ਰਜਿਸਟਰਾਰ ਦਫ਼ਤਰ ਨੂੰ ਪ੍ਰਾਪਤ ਹੋਈ ਸੀ, ਜਿਸ ਵਿੱਚ ਅਦਾਲਤ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਸੀ।
ਸੁਰੱਖਿਆ ਦੇ ਮੱਦੇਨਜ਼ਰ ਪੂਰੇ ਕੰਪਲੈਕਸ ਵਿੱਚ ਸਖ਼ਤ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਐਂਟਰੀ ਪੁਆਇੰਟਾਂ ‘ਤੇ ਚੌਕਸੀ ਵਧਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਵੱਲੋਂ ਈਮੇਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਭਵਨਾਂ ਅਤੇ ਸਕੂਲਾਂ ਨੂੰ ਮਿਲ ਰਹੀਆਂ ਅਜਿਹੀਆਂ ਧਮਕੀਆਂ ਨੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ। ਫਿਲਹਾਲ ਪੁਲਿਸ ਲੋਕਾਂ ਨੂੰ ਅਪੀਲ ਕਰ ਰਹੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਸ਼ੱਕੀ ਵਸਤੂ ਬਾਰੇ ਤੁਰੰਤ ਜਾਣਕਾਰੀ ਦੇਣ।
Read More : NZ ਬਨਾਮ SL : ਨਿਊਜ਼ੀਲੈਂਡ ਨੇ ਸ਼੍ਰੀਲੰਕਾ ਨੂੰ ਵਿਸ਼ਵ ਕੱਪ ਤੋਂ ਕੀਤਾ ਬਾਹਰ
