ਦੇਸ਼-ਵਿਦੇਸ਼ ਤੋਂ ਸੰਗਤਾਂ ਦੀ ਆਮਦ ਜਾਰੀ, ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ
ਸ੍ਰੀ ਅਨੰਦਪੁਰ ਸਾਹਿਬ, 26 ਫਰਵਰੀ : ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ 6 ਰੋਜ਼ਾ ਕੌਮੀ ਤਿਉਹਾਰ ‘ਹੋਲਾ ਮਹੱਲਾ’ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ। ਇਸ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰਨਾਂ ਗੁਰਦੁਆਰਾ ਸਾਹਿਬਾਨਾਂ ਵਿੱਚ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।
ਮੇਲੇ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਰਤਪੁਰ ਸਾਹਿਬ ਵਿਖੇ ਹੋਈ, ਜਿਸ ਤੋਂ ਬਾਅਦ ਅੱਜ ਤੋਂ ਮੁੱਖ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋ ਗਏ ਹਨ। ਖਾਲਸਾਈ ਰੰਗ ਵਿੱਚ ਰੰਗੀ ਇਸ ਨਗਰੀ ਵਿੱਚ ਨਿਹੰਗ ਸਿੰਘਾਂ ਦੇ ਦਲ, ਘੋੜਸਵਾਰੀ ਅਤੇ ਗੱਤਕੇ ਦੇ ਜੌਹਰ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਵੱਡੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੂਰੇ ਮੇਲਾ ਖੇਤਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਆਵਾਜਾਈ ਅਤੇ ਸੁਰੱਖਿਆ ਵਿੱਚ ਕੋਈ ਵਿਘਨ ਨਾ ਪਵੇ। ਸ਼ਰਧਾਲੂਆਂ ਦੀ ਸਹੂਲਤ ਲਈ ਥਾਂ-ਥਾਂ ਲੰਗਰ ਅਤੇ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ।
Read More : ਅੱਜ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਹੋਵੇਗੀ ਆਰ-ਪਾਰ ਦੀ ਜੰਗ
