300 ਕਰੋੜ ਦੀ ਲਾਗਤ ਨਾਲ ਲੱਗਿਆ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਡੇਅਰੀ ਫੀਡ ਪਲਾਂਟ; 1,000 ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
ਮੰਡੀ ਗੋਬਿੰਦਗੜ੍ਹ, 27 ਫਰਵਰੀ : ਪੰਜਾਬ ਦੇ ਉਦਯੋਗ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ਕਾਰਗਿਲ ਕੰਪਨੀ ਦੇ ਨਵੇਂ ਪਸ਼ੂ ਚਾਰਾ ਪਲਾਂਟ ਦਾ ਉਦਘਾਟਨ ਕੀਤਾ। ਇਹ ਪਲਾਂਟ 300 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਆ ਰਿਹਾ ਹੈ, ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ।
ਇਹ ਪਲਾਂਟ 15 ਏਕੜ ਵਿੱਚ ਫੈਲਿਆ ਹੋਇਆ ਹੈ ਅਤੇ ਇਸ ਦੀ ਸਾਲਾਨਾ ਉਤਪਾਦਨ ਸਮਰੱਥਾ 4.5 ਲੱਖ ਮੀਟ੍ਰਿਕ ਟਨ ਹੈ। ਇਹ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਡੇਅਰੀ ਫੀਡ (ਦੁੱਧ ਦੇਣ ਵਾਲੇ ਪਸ਼ੂਆਂ ਦੀ ਖੁਰਾਕ) ਪਲਾਂਟ ਹੈ। ਬਠਿੰਡਾ ਤੋਂ ਬਾਅਦ ਪੰਜਾਬ ਵਿੱਚ ਕਾਰਗਿਲ ਦੀ ਇਹ ਦੂਜੀ ਵੱਡੀ ਇਕਾਈ ਹੈ। ਮੰਤਰੀ ਨੇ ਕਿਹਾ ਕਿ ਨਿਵੇਸ਼ਕਾਂ ਦਾ ਵਧਦਾ ਵਿਸ਼ਵਾਸ ਦਰਸਾਉਂਦਾ ਹੈ ਕਿ ਪੰਜਾਬ ਖੇਤੀਬਾੜੀ ਅਤੇ ਖੁਰਾਕੀ ਵਸਤੂਆਂ ਦੇ ਉਦਯੋਗ ਲਈ ਪਹਿਲੀ ਪਸੰਦ ਬਣ ਰਿਹਾ ਹੈ।
ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਪਲਾਂਟ ਡੇਅਰੀ ਕਿਸਾਨਾਂ ਲਈ ਬਹੁਤ ਫਾਇਦੇਮੰਦ ਹੋਵੇਗਾ। ਸਥਾਨਕ ਪੱਧਰ ‘ਤੇ ਉੱਚ-ਗੁਣਵੱਤਾ ਵਾਲਾ ਚਾਰਾ ਮਿਲਣ ਨਾਲ ਪਸ਼ੂਆਂ ਦੀ ਸਿਹਤ ਸੁਧਰੇਗੀ ਅਤੇ ਦੁੱਧ ਦੀ ਪੈਦਾਵਾਰ ਵਧੇਗੀ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 13 ਤੋਂ 15 ਮਾਰਚ ਤੱਕ ਮੋਹਾਲੀ ਵਿੱਚ ‘ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026’ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੁਨੀਆ ਭਰ ਦੇ ਨਿਵੇਸ਼ਕ ਹਿੱਸਾ ਲੈਣਗੇ।

ਇਸ ਮੌਕੇ ਸਥਾਨਕ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਇਸ ਪਲਾਂਟ ਨਾਲ ਇਲਾਕੇ ਦੇ ਲਗਭਗ 1,000 ਨੌਜਵਾਨਾਂ ਨੂੰ ਕੰਮ ਮਿਲੇਗਾ। ਸਮਾਗਮ ਵਿੱਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਤੇ ਕਾਰਗਿਲ ਕੰਪਨੀ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਕੰਪਨੀ ਦੇ ਪ੍ਰਬੰਧਕਾਂ ਨੇ ਪਲਾਂਟ ਸਥਾਪਤ ਕਰਨ ਵਿੱਚ ਸਰਕਾਰ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ।
Read More : ਸੰਗਰੂਰ ਪੁਲਿਸ ਹੋਈ ਤਕਨਾਲੋਜੀ ਪੱਖੋਂ ਹਾਈਟੈੱਕ; ਐੱਸ.ਐੱਸ.ਪੀ. ਚਾਹਲ ਨੇ ਵੰਡੇ ਕੰਪਿਊਟਰ ਅਤੇ ਲੈਪਟਾਪ
