ਬਰਨਾਲਾ ਰੈਲੀ

ਕਾਨੂੰਨ-ਵਿਵਸਥਾ ਲਾਗੂ ਕਰਨ ‘ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ: ਮੱਲਿਕਾਰਜੁਨ ਖੜਗੇ

ਬਰਨਾਲਾ ਦੀ ਰੈਲੀ ‘ਚ ‘ਆਪ’ ਨੂੰ ਦੱਸਿਆ ਭਾਜਪਾ ਦੀ ‘ਬੀ-ਟੀਮ’; ਸ਼ਹੀਦਾਂ ਦੇ ਸਿਧਾਂਤਾਂ ਦੀ ਅਣਦੇਖੀ ਦਾ ਲਾਇਆ ਦੋਸ਼

ਬਰਨਾਲਾ, 28 ਫਰਵਰੀ : ਬਰਨਾਲਾ ਦੀ ਅਨਾਜ ਮੰਡੀ ਵਿੱਚ ਆਯੋਜਿਤ ‘ਮਨਰੇਗਾ ਬਚਾਓ ਰੈਲੀ’ ਦੌਰਾਨ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਜ਼ੋਰਦਾਰ ਹਮਲਾ ਬੋਲਿਆ।

ਖੜਗੇ ਨੇ ਸੂਬੇ ਦੇ ਮੌਜੂਦਾ ਹਾਲਾਤ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਿਸ ਪੰਜਾਬ ਨੇ ਦੁਨੀਆ ਨੂੰ ਸਮਾਜਿਕ ਨਿਆਂ ਦਾ ਰਸਤਾ ਦਿਖਾਇਆ, ਅੱਜ ਉੱਥੇ ਕਤਲ, ਗੈਂਗਰੇਪ ਅਤੇ ਫਿਰੌਤੀ ਵਰਗੀਆਂ ਘਟਨਾਵਾਂ ਆਮ ਹੋ ਗਈਆਂ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਮੌਜੂਦਾ ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਵਿੱਚ ਨਾਕਾਮ ਰਹੀ ਹੈ।

ਖੜਗੇ ਨੇ ਆਮ ਆਦਮੀ ਪਾਰਟੀ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀ ‘ਬੀ-ਟੀਮ’ ਕਰਾਰ ਦਿੰਦਿਆਂ ਕਿਹਾ ਕਿ ‘ਆਪ’ ਆਗੂ ਸਿਰਫ਼ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਦੀ ਰਾਜਨੀਤੀ ਕਰਦੇ ਹਨ, ਜਦਕਿ ਉਨ੍ਹਾਂ ਦੇ ਸਿਧਾਂਤਾਂ ਨਾਲ ਸਰਕਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅੱਜ ਕੇਂਦਰ ਅਤੇ ਰਾਜ ਸਰਕਾਰ, ਦੋਵਾਂ ਵਿਰੁੱਧ ਇੱਕਜੁੱਟ ਹੋ ਕੇ ਲੜਨਾ ਪਵੇਗਾ।

ਕਿਸਾਨ ਅੰਦੋਲਨਾਂ ਦਾ ਹਵਾਲਾ ਦਿੰਦੇ ਹੋਏ ਖੜਗੇ ਨੇ ਵਰਕਰਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਵੇਂ 1907 ਦੇ ਕਿਸਾਨ ਅੰਦੋਲਨ ਅਤੇ ਹਾਲ ਹੀ ਦੇ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਜਿੱਤ ਹਾਸਲ ਕੀਤੀ ਸੀ, ਉਵੇਂ ਹੀ ਹੁਣ ਮਨਰੇਗਾ ਅਤੇ ਆਪਣੇ ਹੱਕਾਂ ਨੂੰ ਬਚਾਉਣ ਲਈ ਮੈਦਾਨ ਵਿੱਚ ਉਤਰਨਾ ਪਵੇਗਾ।

Read More : ਮੋਹਾਲੀ ਕਤਲ ਕਾਂਡ: ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਐੱਫ.ਆਈ.ਆਰ. ਦਰਜ

Leave a Reply

Your email address will not be published. Required fields are marked *