ਪਟਿਆਲਾ, 2 ਮਾਰਚ: ਪਟਿਆਲਾ ਦੇ ਮੁੱਖ ਡਾਕਖਾਨੇ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਕਾਰਨ ਸ਼ਹਿਰ ’ਚ ਦਹਿਸ਼ਤ ਫੈਲ ਗਈ। ਪੁਲਸ ਨੂੰ ਈ-ਮੇਲ ਰਾਹੀਂ ਇਹ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪਟਿਆਲਾ ਪੁਲਸ ਤੁਰੰਤ ਹਰਕਤ ’ਚ ਆ ਗਈ।
ਮਾਡਲ ਟਾਊਨ ਚੌਕੀ ਦੇ ਇੰਚਾਰਜ ਸਬ-ਇੰਸਪੈਕਟਰ ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਟੀਮਾਂ ਬੰਬ ਡਿਟੈਕਟਰ ਅਤੇ ਮੈਟਲ ਡਿਟੈਕਟਰਾਂ ਨਾਲ ਮੌਕੇ ’ਤੇ ਪਹੁੰਚੀਆਂ। ਪੁਲਸ ਨੇ ਸਾਵਧਾਨੀ ਵਜੋਂ ਡਾਕਖਾਨੇ ਦੀ ਬਿਲਡਿੰਗ ਖਾਲੀ ਕਰਵਾਈ ਅਤੇ ਪੂਰੇ ਇਲਾਕੇ ਦੀ ਬਾਰੀਕੀ ਨਾਲ ਚੈਕਿੰਗ ਕੀਤੀ।
ਸਬ-ਇੰਸਪੈਕਟਰ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਵਰੁਣ ਸ਼ਰਮਾ, ਐੱਸ.ਪੀ. ਸਿਟੀ ਪਲਵਿੰਦਰ ਚੀਮਾ, ਡੀ.ਐੱਸ.ਪੀ. ਸਤਨਾਮ ਸਿੰਘ ਅਤੇ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਦੇ ਸਖ਼ਤ ਨਿਰਦੇਸ਼ ਹਨ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੁਲਸ ਵੱਲੋਂ ਸ਼ਹਿਰ ’ਚ ਨਾਕਾਬੰਦੀ ਕਰਕੇ ਚੌਕਸੀ ਵਧਾ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਪਟਿਆਲਾ ਦੇ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਸਨ। ਪੁਲਸ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ, ਕਿਉਂਕਿ ਪੁਲਸ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
Read More : ਹੋਲਾ ਮਹੱਲਾ ਮੌਕੇ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ
