ਹਰੇਕ ਪੰਜਾਬੀ ਦੀ ਸੁਰੱਖਿਅਤ ਵਾਪਸੀ ਸਾਡੀ ਪਹਿਲ : ਮੰਤਰੀ ਡਾ. ਰਵਜੋਤ ਸਿੰਘ
ਏ.ਡੀ.ਜੀ.ਪੀ. ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਬਣੀ ਵਿਸ਼ੇਸ਼ ਕਮੇਟੀ
ਚੰਡੀਗੜ੍ਹ, 3 ਮਾਰਚ : ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਤਾਜ਼ਾ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੱਧ ਏਸ਼ੀਆ ਅਤੇ ਮੱਧ ਪੂਰਬੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਿਆ ਹੈ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਭਵਨ ਵਿਖੇ ਵਿਸ਼ੇਸ਼ ਐਲਾਨ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਹਰ ਪੰਜਾਬੀ ਦੀ ਸੁਰੱਖਿਅਤ ਵਾਪਸੀ ਲਈ ਵਚਨਬੱਧ ਹੈ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ।
ਸਹਾਇਤਾ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
ਮੁਸੀਬਤ ਵਿਚ ਫਸੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਹੇਠ ਲਿਖੇ ਨੰਬਰਾਂ ‘ਤੇ ਦਿਨ-ਰਾਤ ਸੰਪਰਕ ਕਰ ਸਕਦੇ ਹਨ:
0172-2260042, 2260043 (ਵਿਦੇਸ਼ੀ ਨਾਗਰਿਕਾਂ ਲਈ)
1100 (ਭਾਰਤ ਵਿੱਚ ਮੌਜੂਦ ਨਿਵਾਸੀਆਂ ਲਈ)
ਮੁੱਖ ਪ੍ਰਬੰਧ ਅਤੇ ਤਿਆਰੀਆਂ
ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਤੋਂ ਸਹਾਇਤਾ ਲਈ ਕਾਲਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਸੈਲਾਨੀ ਹਨ। ਇਸ ਸਾਰੀ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧ ਲਈ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ। ਇਹ ਕਮੇਟੀ ਜਾਣਕਾਰੀ ਇਕੱਠੀ ਕਰਨ ਅਤੇ ਨਿਕਾਸੀ ਲਈ ਕੇਂਦਰ ਸਰਕਾਰ ਤੇ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰੇਗੀ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫਸੇ ਵਿਅਕਤੀਆਂ ਦੀ ਸੁਰੱਖਿਅਤ ਨਿਕਾਸੀ ਲਈ ਕੇਂਦਰ ਸਰਕਾਰ ਨਾਲ ਜਲਦੀ ਮੀਟਿੰਗ ਕਰਨ ਦੀ ਵੀ ਇੱਛੁਕ ਹੈ। ਐਨ.ਆਰ.ਆਈ. ਮਾਮਲੇ ਵਿਭਾਗ ਅਤੇ ਗ੍ਰਹਿ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਐਮਰਜੈਂਸੀ ਯੋਜਨਾਵਾਂ ‘ਤੇ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਆਰ.ਕੇ. ਜੈਸਵਾਲ, ਵਿਸ਼ੇਸ਼ ਸਕੱਤਰ ਦਲਜੀਤ ਕੌਰ, ਵਧੀਕ ਸਕੱਤਰ ਆਰ.ਜੇ.ਐਸ. ਬਰਾੜ, ਡਿਪਟੀ ਸਕੱਤਰ ਗ੍ਰਹਿ ਮਨਪ੍ਰੀਤ ਕੌਰ, ਏ.ਆਈ.ਜੀ. ਅਜਿੰਦਰ ਸਿੰਘ ਅਤੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਕਮਲ ਗਰਗ ਸਮੇਤ ਹੋਰ ਉੱਚ ਅਧਿਕਾਰੀ ਹਾਜ਼ਰ ਸਨ। ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਧੀਰਜ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
Read More : ਨਸ਼ਿਆਂ ਵਿਰੁੱਧ ਜੰਗ : 22 ਨੂੰ ਮਾਹਿਲਪੁਰ ਵਿਖੇ ਹੋਵੇਗੀ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’
