Jalandhar doctor

ਡਾਕਟਰ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸੀ.ਸੀ.ਟੀ.ਵੀ. ਦੀ ਮਦਦ ਨਾਲ ਹਮਲਾਵਰਾਂ ਨੂੰ ਕੀਤਾ ਕਾਬੂ, ਪਿਸਤੌਲ ਬਰਾਮਦ : ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ

ਜਲੰਧਰ, 3 ਮਾਰਚ : ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿਚ ਡਾਕਟਰ ਯਸ਼ਪਾਲ ਦੇ ਘਰ ਅਤੇ ਕਾਰ ‘ਤੇ ਹੋਈ ਫਾਇਰਿੰਗ ਦੇ ਮਾਮਲੇ ਨੂੰ ਸੁਲਝਾਉਂਦਿਆਂ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸਥਿਤ ਪਿੰਡ ਬਡਾਲਾ ਜੋਹਲ ਦੇ ਰਹਿਣ ਵਾਲੇ ਹਨ। ਪੁਲਿਸ ਜਾਂਚ ਮੁਤਾਬਕ ਮੁਲਜ਼ਮ ਜਗਜੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਹੈ।

ਜ਼ਿਕਰਯੋਗ ਹੈ ਕਿ 28 ਫਰਵਰੀ ਦੀ ਰਾਤ ਨੂੰ ਮੋਟਰਸਾਈਕਲ ਸਵਾਰ ਇਹਨਾਂ ਹਮਲਾਵਰਾਂ ਨੇ ਡਾਕਟਰ ਦੇ ਘਰ ਅਤੇ ਉਹਨਾਂ ਦੀ ਨਵੀਂ ਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਲਗਭਗ 10 ਗੋਲੀਆਂ ਚਲਾਈਆਂ ਸਨ। ਵਾਰਦਾਤ ਸਮੇਂ ਮੁਲਜ਼ਮਾਂ ਦੇ ਮੋਟਰਸਾਈਕਲ ‘ਤੇ ਇੱਕ ਧਾਰਮਿਕ ਝੰਡਾ ਲੱਗਾ ਹੋਇਆ ਸੀ। ਗੋਲੀਆਂ ਚਲਾਉਣ ਤੋਂ ਬਾਅਦ ਦੋਵੇਂ ਮੁਲਜ਼ਮ ਕਰਤਾਰਪੁਰ ਵੱਲ ਫਰਾਰ ਹੋ ਗਏ ਸਨ।

ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਅਤੇ ਤਕਨੀਕੀ ਮਦਦ ਨਾਲ ਦੇਰ ਰਾਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤਿਆ ਗਿਆ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਵਾਰਦਾਤ ਦੇ ਪਿੱਛੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

Read More : ਅਮਰੀਕਾ ‘ਚ ਅੰਨ੍ਹੇਵਾਹ ਗੋਲੀਬਾਰੀ: ਭਾਰਤੀ ਮੂਲ ਦੀ ਵਿਦਿਆਰਥਣ ਸਮੇਤ 4 ਦੀ ਮੌਤ

Leave a Reply

Your email address will not be published. Required fields are marked *