ਨਾਇਬ ਸੈਣੀ ਦੇ ਪੱਗ ਬੰਨ੍ਹਣ ‘ਤੇ ਚੁੱਕੇ ਸਵਾਲ; ਕਿਹਾ– ਭਾਜਪਾ ਪੰਜਾਬ ਦੀ ਰਾਜਨੀਤੀ ‘ਚ ਫਿਰਕੂ ਜ਼ਹਿਰ ਘੋਲਣਾ ਬੰਦ ਕਰੇ
ਚੰਡੀਗੜ੍ਹ, 3 ਮਾਰਚ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਿਆਸੀ ਰਣਨੀਤੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬੀਆਂ ਨੇ ਕਦੇ ਵੀ ਫਿਰਕਾਪ੍ਰਸਤੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਨਾ ਹੀ ਉਹ ਅਜਿਹੇ ਸਿਆਸੀ ਨਾਟਕਾਂ ਤੋਂ ਪ੍ਰਭਾਵਿਤ ਹੋਣ ਵਾਲੇ ਹਨ।
ਨਾਇਬ ਸਿੰਘ ਸੈਣੀ ਵੱਲੋਂ ਵਿਧਾਨ ਸਭਾ ਵਿੱਚ ਪੱਗ ਬੰਨ੍ਹਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ਉਹ ਹਰ ਕਿਸੇ ਦੀ ਧਾਰਮਿਕ ਆਜ਼ਾਦੀ ਅਤੇ ਪੱਗ ਬੰਨ੍ਹਣ ਦੇ ਫੈਸਲੇ ਦਾ ਸਤਿਕਾਰ ਕਰਦੇ ਹਨ। ਹਾਲਾਂਕਿ, ਉਨ੍ਹਾਂ ਨੇ ਇਸ ਦੇ ਸਮੇਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਉਨ੍ਹਾਂ ਨੂੰ ਪੰਜਾਬ ਵਿੱਚ ਇੱਕ ਪ੍ਰਮੁੱਖ ਚਿਹਰੇ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੈਣੀ ਹੁਣ ਹਰਿਆਣਾ ਨਾਲੋਂ ਪੰਜਾਬ ਵਿੱਚ ਜ਼ਿਆਦਾ ਦਿਖਾਈ ਦਿੰਦੇ ਹਨ ਅਤੇ ਅਕਸਰ ਪੱਗ ਬੰਨ੍ਹਦੇ ਹਨ।
ਰਾਜਾ ਵੜਿੰਗ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਲੰਬਿਤ ਪਾਣੀ ਦੇ ਵਿਵਾਦ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਇਸ ਮੁੱਦੇ ‘ਤੇ ਸੈਣੀ ਦਾ ਕੀ ਰੁਖ਼ ਹੋਵੇਗਾ? ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਤੌਰ ‘ਤੇ ਹਿੱਤਾਂ ਦੇ ਟਕਰਾਅ ਦਾ ਮਾਮਲਾ ਹੈ। ਵੜਿੰਗ ਨੇ ਸੈਣੀ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਜੇਕਰ ਉਹ ਸੋਚਦੇ ਹਨ ਕਿ ਸਿਰਫ਼ ਪੱਗ ਬੰਨ੍ਹਣ ਨਾਲ ਉਹ ਪੰਜਾਬੀਆਂ ਦੇ ਇੱਕ ਖਾਸ ਵਰਗ ਨੂੰ ਪ੍ਰਭਾਵਿਤ ਕਰ ਲੈਣਗੇ, ਤਾਂ ਇਹ ਉਨ੍ਹਾਂ ਦਾ ਵਹਿਮ ਹੈ, ਕਿਉਂਕਿ ਪੰਜਾਬੀ ਕਦੇ ਵੀ ਫਿਰਕੂ ਲੀਹਾਂ ‘ਤੇ ਵੋਟ ਨਹੀਂ ਪਾਉਂਦੇ।
ਕਾਂਗਰਸ ਪ੍ਰਧਾਨ ਨੇ ਭਾਜਪਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਫਿਰਕੂ ਜ਼ਹਿਰ ਘੋਲਣ ਦੀਆਂ ਕੋਸ਼ਿਸ਼ਾਂ ਨਾਕਾਮ ਰਹਿਣਗੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਚਾਲਾਂ ਦਰਸਾਉਂਦੀਆਂ ਹਨ ਕਿ ਭਾਜਪਾ ਦੇ ਆਗੂ ਪੰਜਾਬ ਦੀ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਦੂਰ ਹਨ। ਪੰਜਾਬ ਦੇ ਲੋਕ ਤੁਹਾਡੀ ਫਿਰਕੂ ਰਾਜਨੀਤੀ ਜਾਂ ਨਾਟਕਾਂ ਦੇ ਪ੍ਰਭਾਵ ਹੇਠ ਨਹੀਂ ਆਉਣਗੇ।
Read More : ਨਸ਼ਿਆਂ ਵਿਰੁੱਧ ਜੰਗ: ਇਕ ਸਾਲ ਦੌਰਾਨ 36 ਹਜ਼ਾਰ FIR ਤੇ 51,648 ਗ੍ਰਿਫ਼ਤਾਰੀਆਂ ਕੀਤੀਆਂ : ਬਲਤੇਜ ਪੰਨੂ
