ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ; ਕਰਤਾਰਪੁਰ ਲਾਂਘੇ ਬਾਰੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਦਾ ਦਿੱਤਾ ਭਰੋਸਾ
ਡੇਰਾ ਬਾਬਾ ਨਾਨਕ, 5 ਮਾਰਚ : ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਵਿਖੇ ਸ਼ੁਰੂ ਹੋਏ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਸ਼ੇਸ਼ ਤੌਰ ‘ਤੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨੇ ਗੁਰਦੁਆਰਾ ਚੋਲਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ‘ਚੋਲਾ ਸਾਹਿਬ’, ਬੇਬੇ ਨਾਨਕੀ ਜੀ ਦੇ ਰੁਮਾਲ ਅਤੇ ਹਰੀ ਸਿੰਘ ਨਲੂਆ ਦੇ ਦੁਸ਼ਾਲਿਆਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ।
ਮੁੱਖ ਮੰਤਰੀ ਸੈਣੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਰੁਮਾਲਾ ਸਾਹਿਬ ਤੇ ਫੁੱਲ ਭੇਟ ਕੀਤੇ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਨਾਲ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ ਅਤੇ ਹੋਰ ਕਈ ਸੀਨੀਅਰ ਆਗੂ ਵੀ ਮੌਜੂਦ ਸਨ।
ਦਰਸ਼ਨਾਂ ਉਪਰੰਤ ਗੱਲਬਾਤ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਪਹਿਲੀ ਵਾਰ ਗੁਰੂ ਸਾਹਿਬ ਦੇ ਪਵਿੱਤਰ ਚੋਲਾ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ 550ਵੇਂ ਪ੍ਰਕਾਸ਼ ਪੁਰਬ ਮੌਕੇ ਇਹ ਲਾਂਘਾ ਖੋਲ੍ਹ ਕੇ ਸੰਗਤਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਸੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲਾਂਘੇ ਨਾਲ ਸਬੰਧਤ ਮੌਜੂਦਾ ਮੁੱਦਿਆਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਉਣਗੇ।
Read More : ਦੁਨੀਆ ਦੀ ਯਾਤਰਾ ‘ਤੇ ਨਿਕਲੇ ਪੰਜਾਬੀ ਨੌਜਵਾਨ ਦੀ ਪੇਰੂ ਵਿਚ ਮੌਤ
