ਸੁਖਬੀਰ ਸਿੰਘ ਬਾਦਲ

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਵਾਂਗੇ : ਬਾਦਲ

ਸਰਦੂਲਗੜ੍ਹ ਹਲਕੇ ਦੀ ਵਿਸ਼ਾਲ ਰੈਲੀ ਦੌਰਾਨ ਕੀਤੇ ਅਹਿਮ ਐਲਾਨ; ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਵਾਅਦਾ

ਝੁਨੀਰ/ਮਾਨਸਾ, 5 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਝੁਨੀਰ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਦੇ ਸਾਰੇ 13,000 ਪਿੰਡਾਂ ਦਾ ਕਾਇਆ-ਕਲਪ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪੱਕੀਆਂ ਗਲੀਆਂ, ਸੀਵਰੇਜ ਅਤੇ ਛੱਪੜਾਂ ਦੇ ਸੁੰਦਰੀਕਰਨ ਵਰਗੀਆਂ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਬੇਘਰੇ ਲੋਕਾਂ ਨੂੰ ਪੱਕੇ ਘਰ ਬਣਾ ਕੇ ਦਿੱਤੇ ਜਾਣਗੇ।

ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਮੌਜੂਦਗੀ ਵਿੱਚ ਸੁਖਬੀਰ ਬਾਦਲ ਨੇ ਦੱਸਿਆ ਕਿ ਪਿੰਡਾਂ ਦੇ ਬੁਨਿਆਦੀ ਢਾਂਚੇ ਲਈ ਵਿਸ਼ੇਸ਼ ਯੋਜਨਾ ਦੀ ਸਮੀਖਿਆ ਕੀਤੀ ਗਈ ਹੈ, ਜਿਸ ਤਹਿਤ ਹਰ ਸਾਲ 3,000 ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਵਿਸ਼ਵ ਪੱਧਰੀ ਸੜਕਾਂ, ਆਧੁਨਿਕ ਸਕੂਲ ਅਤੇ ਹਸਪਤਾਲਾਂ ਲਈ ਅਕਾਲੀ ਦਲ ਦਾ ਸਾਥ ਦੇਣ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਸਿਰਫ਼ ਚੁਟਕਲਿਆਂ ਅਤੇ ਨਾਂਹ-ਪੱਖੀ ਰਾਜਨੀਤੀ ਤੱਕ ਸੀਮਤ ਹੈ।

ਮੁਲਾਜ਼ਮਾਂ ਅਤੇ ਨੌਜਵਾਨਾਂ ਲਈ ਵੱਡੇ ਵਾਅਦੇ

ਪੁਰਾਣੀ ਪੈਨਸ਼ਨ ਸਕੀਮ : ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ

ਮੁਲਾਜ਼ਮਾਂ ਦਾ ਬਕਾਇਆ: ਮਹਿੰਗਾਈ ਭੱਤੇ ਦਾ ਸਾਰਾ ਬਕਾਇਆ ਜਾਰੀ ਕਰਨ ਅਤੇ ਘਰ ਨੇੜੇ ਤਾਇਨਾਤੀ ਦੀ ਪ੍ਰਣਾਲੀ ਲਾਗੂ ਕਰਨ ਦਾ ਪ੍ਰਣ ਲਿਆ।ਰੁਜ਼ਗਾਰ: ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਲਈ ਰਾਖਵੀਆਂ ਹੋਣਗੀਆਂ ਅਤੇ ਨਿੱਜੀ ਉਦਯੋਗਾਂ ਵਿੱਚ 75 ਫ਼ੀਸਦੀ ਨੌਕਰੀਆਂ ਸਥਾਨਕ ਨੌਜਵਾਨਾਂ ਨੂੰ ਦੇਣਾ ਯਕੀਨੀ ਬਣਾਇਆ ਜਾਵੇਗਾ।

ਵਿੱਤੀ ਸਹਾਇਤਾ: ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ ਅਤੇ ਮੋਟਰਸਾਈਕਲਾਂ ਤੋਂ ਰੋਡ ਟੈਕਸ ਖ਼ਤਮ ਹੋਵੇਗਾ।

ਬਾਦਲ ਨੇ ਇਹ ਵੀ ਕਿਹਾ ਕਿ ਘੱਗਰ ਦਰਿਆ ਨੂੰ ਚੈਨਲਾਈਜ਼ ਕੀਤਾ ਜਾਵੇਗਾ ਤਾਂ ਜੋ ਇਲਾਕੇ ਨੂੰ ਹੜ੍ਹਾਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਬੱਡੀ ਵਿਸ਼ਵ ਕੱਪ, ਪਸ਼ੂ ਮੇਲੇ ਅਤੇ ਮਾਰਵਾੜੀ ਘੋੜਿਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ।

ਇਸ ਮੌਕੇ ਬਠਿੰਡਾ ਤੋਂ ਐੱਮ.ਪੀ. ਹਰਸਿਮਰਤ ਕੌਰ ਬਾਦਲ, ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ, ਪ੍ਰੇਮ ਅਰੋੜਾ, ਤਰਸੇਮ ਚੰਦ ਭੋਲੀ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਦਾਅਵਾ ਕੀਤਾ ਕਿ ਅੱਜ ਦਾ ਭਾਰੀ ਇਕੱਠ 2027 ਵਿੱਚ ਅਕਾਲੀ ਦਲ ਦੀ ਵਾਪਸੀ ਦਾ ਸੰਕੇਤ ਹੈ।

Read More : ਕੈਨੇਡਾ ’ਚ ਪੰਜਾਬੀ ਯੂ-ਟਿਊਬਰ ਨੈਂਸੀ ਗਰੇਵਾਲ ਦਾ ਚਾਕੂ ਮਾਰ ਕੇ ਕਤਲ

Leave a Reply

Your email address will not be published. Required fields are marked *