8 ਮਾਰਚ ਨੂੰ ਪੇਸ਼ ਹੋਵੇਗਾ ਬਜਟ; ਔਰਤਾਂ ਨੂੰ 1,000 ਰੁਪਏ ਮਹੀਨਾ ਦੇਣ ਦਾ ਵਾਅਦਾ ਹੋਵੇਗਾ ਪੂਰਾ, ਸਿਹਤ ਤੇ ਸਿੱਖਿਆ ‘ਤੇ ਰਹੇਗਾ ਜ਼ੋਰ
ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ “ਸਤਿ ਸ੍ਰੀ ਅਕਾਲ” ਨਾਲ ਕੀਤੀ। ਵਿਰੋਧੀ ਧਿਰ ਕਾਂਗਰਸ ਵੱਲੋਂ ਕੀਤੇ ਗਏ ਹੰਗਾਮੇ ਦੇ ਬਾਵਜੂਦ, ਰਾਜਪਾਲ ਨੇ ਸੂਬਾ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਪੇਸ਼ ਕੀਤੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਹੁਣ ‘ਮੁੱਖ ਮੰਤਰੀ ਕੈਂਸਰ ਰਾਹਤ ਯੋਜਨਾ’ ਤਹਿਤ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਰਾਹੀਂ ਕੈਂਸਰ ਦਾ ਮੁਫ਼ਤ ਇਲਾਜ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।
ਸਿਹਤ ਖੇਤਰ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਪੰਜਾਬ ਹੁਣ ਜਿਗਰ ਅਤੇ ਗੁਰਦਾ ਟ੍ਰਾਂਸਪਲਾਂਟ ਕਰਨ ਵਾਲੇ ਸੂਬਿਆਂ ਦੀ ਕਤਾਰ ਵਿੱਚ ਸ਼ਾਮਲ ਹੋ ਗਿਆ ਹੈ। ਸਰਕਾਰ ਨੇ 2022 ਤੋਂ ਹੁਣ ਤੱਕ 934 ਨਵੇਂ ਡਾਕਟਰਾਂ ਦੀ ਭਰਤੀ ਕੀਤੀ ਹੈ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਨਸ਼ਿਆਂ ਵਿਰੁੱਧ ਜੰਗ ਜਾਰੀ ਹੈ, ਜਿਸ ਤਹਿਤ 375 ਕਰੋੜ ਰੁਪਏ ਦੀਆਂ ਨਕਲੀ ਦਵਾਈਆਂ ਫੜੀਆਂ ਗਈਆਂ ਹਨ।
ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੇ ‘ਪਰਖ ਪ੍ਰੀਖਿਆ’ ਵਿੱਚ ਦੇਸ਼ ਭਰ ‘ਚੋਂ ਪਹਿਲੇ ਸਥਾਨ ‘ਤੇ ਰਹਿਣ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਹੁਣ ਤੱਕ 13,765 ਅਧਿਆਪਕ ਭਰਤੀ ਕੀਤੇ ਗਏ ਹਨ। ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਭੇਜਿਆ ਗਿਆ ਹੈ। ਸੂਬੇ ਵਿੱਚ 118 ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 29 ਤਿਆਰ ਹੋ ਚੁੱਕੇ ਹਨ ਅਤੇ ਸਕੂਲਾਂ ਵਿੱਚ ਵਾਈ-ਫਾਈ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜੋ ਕਿ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਬਜਟ ਵਿੱਚ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੇ ਚੋਣ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵੰਡ 18 ਮਾਰਚ ਤੋਂ ਸ਼ੁਰੂ ਹੋਵੇਗੀ। ਰਾਜਪਾਲ ਨੇ ਸਰਕਾਰ ਦੇ ਇਹਨਾਂ ਕਦਮਾਂ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮੀਲ ਦਾ ਪੱਥਰ ਦੱਸਿਆ।
Read More : ਪੰਜਾਬ ਪੁਲਿਸ ਵਿਚ 3,298 ਨਵੀਂਆਂ ਭਰਤੀਆਂ ਦਾ ਐਲਾਨ; 10 ਮਾਰਚ ਤੋਂ ਅਰਜ਼ੀਆਂ ਸ਼ੁਰੂ
