ਪੰਜਾਬ ’ਚ ਕਾਨੂੰਨ ਵਿਵਸਥਾ ਦੇ ਮਾੜੇ ਹਾਲਾਤ, ਦਿਨ-ਦਿਹਾੜੇ ਹੋ ਰਹੇ ਨੇ ਲੋਕਾਂ ਦੇ ਕਤਲ: ਬਿਕਰਮ ਮਜੀਠੀਆ
ਮੋਹਾਲੀ, 7 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸ਼ਨੀਵਾਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਧੀਕ ਜ਼ਿਲਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਪੇਸ਼ ਹੋਏ।
ਅਦਾਲਤ ਦੀ ਸੁਣਵਾਈ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਮਜੀਠੀਆ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚਾਂ ਦਾ ਵੀ ਦਿਨ-ਦਿਹਾੜੇ ਕਤਲ ਕੀਤਾ ਜਾ ਰਿਹਾ ਹੈ ਅਤੇ ਪੁਲਸ ਮੁਲਜ਼ਮਾਂ ਨੂੰ ਫੜਨ ’ਚ ਅਸਫਲ ਸਾਬਤ ਹੋ ਰਹੀ ਹੈ।
ਮਜੀਠੀਆ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ’ਚ ਇਕ ਐਡ-ਹਾਕ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਰਹੇਗਾ, ਕਾਨੂੰਨ ਵਿਵਸਥਾ ’ਚ ਸੁਧਾਰ ਨਹੀਂ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਯੂ.ਪੀ.ਐੱਸ.ਸੀ. ਵੱਲੋਂ ਸਿਫਾਰਸ਼ ਕੀਤੇ ਪੈਨਲ ਵਿਚੋਂ ਇਕ ਨਿਯਮਤ ਡੀ.ਜੀ.ਪੀ. ਨਿਯੁਕਤ ਕੀਤਾ ਜਾਵੇ। ਉਨ੍ਹਾਂ ਸਰਕਾਰ ਦੀਆਂ ਆਰਥਿਕ ਨੀਤੀਆਂ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸੂਬੇ ਦਾ ਕਰਜ਼ਾ 4.5 ਲੱਖ ਕਰੋੜ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਡੀ.ਏ. ਅਤੇ ਪੁਰਾਣੀ ਪੈਨਸ਼ਨ ਦਾ ਲਾਭ ਨਹੀਂ ਮਿਲ ਰਿਹਾ।
ਮਾਮਲੇ ’ਚ ਅਗਲੀ ਸੁਣਵਾਈ 18 ਅਪ੍ਰੈਲ ਨੂੰ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਨਜ਼ਦੀਕੀ ਹਰਪ੍ਰੀਤ ਸਿੰਘ ਗੁਲਾਟੀ ਅਦਾਲਤ ’ਚ ਪੇਸ਼ ਹੋਏ। ਵਿਜੀਲੈਂਸ ਬਿਊਰੋ ਵੱਲੋਂ ਡੀ.ਐੱਸ.ਪੀ. ਇੰਦਰਪਾਲ ਸਿੰਘ (ਜਾਂਚ ਅਧਿਕਾਰੀ) ਅਤੇ ਮਨਜੀਤ ਸਿੰਘ ਡਿਪਟੀ ਡੀ.ਏ. ਪੇਸ਼ ਹੋਏ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 18 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ।
ਗਜਪਤ ਸਿੰਘ ਗਰੇਵਾਲ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 11 ਨੂੰ
ਇਸੇ ਮਾਮਲੇ ’ਚ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅਦਾਲਤ ਨੇ ਆਪਣਾ ਫ਼ੈਸਲਾ 11 ਮਾਰਚ ਲਈ ਸੁਰੱਖਿਅਤ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ ਹਾਈ ਕੋਰਟ ਵੱਲੋਂ ਗਰੇਵਾਲ ਵਿਰੁੱਧ ਭਗੌੜਾ ਐਲਾਨਣ ਦੀ ਕਾਰਵਾਈ ’ਤੇ ਰੋਕ ਲਗਾਉਣ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਜ਼ਿਲਾ ਅਦਾਲਤ ’ਚ ਜ਼ਮਾਨਤ ਲਈ ਪਹੁੰਚ ਕੀਤੀ ਹੈ।
Read More : ਗੈਂਗਸਟਰਾਂ ’ਤੇ ਵਾਰ ਦਾ 46ਵਾਂ ਦਿਨ: ਪੰਜਾਬ ਪੁਲਸ ਨੇ 471 ਥਾਈਂ ਕੀਤੀ ਛਾਪੇਮਾਰੀ; 163 ਗ੍ਰਿਫ਼ਤਾਰ
