7 ਨਵੇਂ ਮੈਡੀਕਲ ਕਾਲਜਾਂ ਅਤੇ 1432 ਤੱਕ ਵਧਣਗੇ ਆਮ ਆਦਮੀ ਕਲੀਨਿਕ : ਸਿਹਤ ਮੰਤਰੀ
ਚੰਡੀਗੜ੍ਹ, 9 ਮਾਰਚ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿੱਤੀ ਸਾਲ 2026-27 ਦੇ ਬਜਟ ਨੂੰ ਸੂਬੇ ਦੀ ਸਿਹਤ ਅਤੇ ਤੰਦਰੁਸਤੀ ਲਈ ਇੱਕ ਮੀਲ ਪੱਥਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿਹਤ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ 23 ਫੀਸਦੀ ਦਾ ਵੱਡਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਹ ਹੁਣ 6879 ਕਰੋੜ ਰੁਪਏ ਹੋ ਗਿਆ ਹੈ।
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਲਈ ਬਜਟ ਵਿੱਚ 2000 ਕਰੋੜ ਰੁਪਏ ਰੱਖੇ ਗਏ ਹਨ। ਮੌਜੂਦਾ 881 ਆਮ ਆਦਮੀ ਕਲੀਨਿਕਾਂ ਤੋਂ ਇਲਾਵਾ ਇਸ ਸਾਲ 100 ਹੋਰ ਅਤੇ ਆਉਣ ਵਾਲੇ ਸਮੇਂ ਵਿੱਚ 143 ਨਵੇਂ ਕਲੀਨਿਕ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ 308 ਸਿਹਤ ਕੇਂਦਰਾਂ ਨੂੰ ਵੀ ਆਮ ਆਦਮੀ ਕਲੀਨਿਕਾਂ ਵਿੱਚ ਬਦਲਿਆ ਜਾਵੇਗਾ, ਜਿਸ ਨਾਲ ਕੁੱਲ ਗਿਣਤੀ 1432 ਹੋ ਜਾਵੇਗੀ। ਇਨ੍ਹਾਂ ਕਲੀਨਿਕਾਂ ਲਈ 351 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੈਡੀਕਲ ਸਿੱਖਿਆ ਲਈ 1220 ਕਰੋੜ ਰੁਪਏ ਦਾ ਪ੍ਰਸਤਾਵ ਹੈ। ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸ.ਬੀ.ਐਸ. ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ 7 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਇਸ ਨਾਲ ਐਮ.ਬੀ.ਬੀ.ਐਸ. ਦੀਆਂ 600 ਨਵੀਆਂ ਸੀਟਾਂ ਵਧਣਗੀਆਂ। ਐਮਰਜੈਂਸੀ ਸਹੂਲਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਆਧੁਨਿਕ ਟਰੌਮਾ ਸੈਂਟਰ ਸਥਾਪਤ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਔਰਤਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਹੁਣ ਔਰਤਾਂ ਨੂੰ ਸਿੱਧੀ ਨਕਦੀ ਸਹਾਇਤਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਯੋਜਨਾ ਤਹਿਤ ਸਾਰੀਆਂ ਬਾਲਗ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਜਿਸ ਨਾਲ ਸੂਬੇ ਦੀਆਂ 97 ਫੀਸਦੀ ਔਰਤਾਂ ਨੂੰ ਫਾਇਦਾ ਹੋਵੇਗਾ।
ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਬਜਟ ਨਾਲ ਪੰਜਾਬ ਦੇ ਹਰ ਨਾਗਰਿਕ ਨੂੰ ਕਿਫਾਇਤੀ ਅਤੇ ਵਧੀਆ ਡਾਕਟਰੀ ਸਹੂਲਤਾਂ ਮਿਲਣੀਆਂ ਯਕੀਨੀ ਹੋਣਗੀਆਂ।
Read More : ਪੰਜਾਬ ਬਜਟ : ਖੇਤੀ ਤੇ ਸਿੰਚਾਈ ਲਈ ਵੱਡੇ ਐਲਾਨ; ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 2971 ਕਰੋੜ ਰੁਪਏ ਰੱਖੇ
