ਵਿਧਾਇਕ ਇਆਲੀ

ਵਿਧਾਨ ਸਭਾ ’ਚ ਵਿਧਾਇਕ ਇਆਲੀ ਨੇ ਉਠਾਏ ਸਿੱਖ ਕੌਮ ਨਾਲ ਜੁੜੇ 3 ਅਹਿਮ ਮਸਲੇ

ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ, ਬੰਦੀ ਸਿੰਘਾਂ ਦੀ ਰਿਹਾਈ ਤੇ ਅੰਮ੍ਰਿਤਪਾਲ ਸਿੰਘ ਤੋਂ ਐੱਨ.ਐੱਸ.ਏ. ਹਟਾਉਣ ਦੀ ਮੰਗ

ਚੰਡੀਗੜ੍ਹ, 9 ਮਾਰਚ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਹਲਕਾ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸਿੱਖ ਕੌਮ ਨਾਲ ਸਬੰਧਿਤ 3 ਮਹੱਤਵਪੂਰਨ ਮਸਲੇ ਜ਼ੋਰਦਾਰ ਢੰਗ ਨਾਲ ਸਦਨ ’ਚ ਉਠਾਏ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਦੀ ਯਾਦ ਦਿਵਾਉਂਦਿਆਂ ਬੇਅਦਬੀ ਦੇ ਮਾਮਲਿਆਂ ’ਤੇ ਸਖ਼ਤ ਕਾਨੂੰਨ ਬਣਾਉਣ, ਬੰਦੀ ਸਿੰਘਾਂ ਦੀ ਰਿਹਾਈ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ’ਤੇ ਲੱਗੀ ਐੱਨ.ਐੱਸ.ਏ. ਹਟਾ ਕੇ ਉਸ ਨੂੰ ਰਿਹਾਅ ਕਰਨ ਦੀ ਮੰਗ ਰੱਖੀ।

ਸਦਨ ’ਚ ਬੋਲਦਿਆਂ ਵਿਧਾਇਕ ਇਆਲੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਦੀਆਂ ਚੋਣਾਂ ’ਚ ‘ਆਪ’ ਨੂੰ ਵੱਡੀ ਉਮੀਦ ਨਾਲ ਜਿਤਾਇਆ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕੁਝ ਮਹੀਨੇ ਪਹਿਲਾਂ ਲਿਆਂਦੇ ਗਏ ਬਿੱਲ ਦੀ ਸਮੀਖਿਆ ਲਈ ਇਕ ਸਿਲੈਕਟ ਕਮੇਟੀ ਵੀ ਬਣਾਈ ਗਈ ਸੀ, ਜਿਸ ਦੀਆਂ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਮੌਜੂਦਾ ਬਜਟ ਸੈਸ਼ਨ ’ਚ ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

ਵਿਧਾਇਕ ਇਆਲੀ ਨੇ ਬੰਦੀ ਸਿੰਘਾਂ ਦੇ ਮਾਮਲੇ ਨੂੰ ਉਭਾਰਦਿਆਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ ਤੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਕਈ ਸਿੱਖ ਕੈਦੀ ਪਿਛਲੇ ਤਿੰਨ ਦਹਾਕਿਆਂ ਤੋਂ ਜੇਲਾਂ ’ਚ ਬੰਦ ਹਨ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਮਾਤਾ ਦੀ ਨਾਜ਼ੁਕ ਤਬੀਅਤ ਨੂੰ ਦੇਖਦਿਆਂ ਮਨੁੱਖੀ ਅਧਾਰ ’ਤੇ ਪੈਰੋਲ ਦੇਣ ਬਾਰੇ ਵਿਚਾਰ ਕੀਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਚੁਣੇ ਹੋਏ ਨੁਮਾਇੰਦੇ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ ਤੇ ਉਨ੍ਹਾਂ ’ਤੇ ਲੱਗੀ ਐੱਨ.ਐੱਸ.ਏ. ਹਟਾਉਣ ਤੇ ਸਾਥੀਆਂ ਦੀ ਜ਼ਮਾਨਤ ਦਾ ਵਿਰੋਧ ਨਾ ਕਰਨ ਬਾਰੇ ਸਰਕਾਰ ਨੂੰ ਸੋਚਣਾ ਚਾਹੀਦਾ ਹੈ।

Read More : ਏ.ਐੱਸ.ਆਈ. 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

Leave a Reply

Your email address will not be published. Required fields are marked *