4,000 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ; ਟੈਕਸਟਾਈਲ ਅਤੇ ਡਿਜੀਟਲ ਖੇਤਰ ਵਿਚ ਆਵੇਗੀ ਕ੍ਰਾਂਤੀ
ਚੰਡੀਗੜ੍ਹ, 10 ਮਾਰਚ : ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਅੱਜ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਦੇ ਚੰਗੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਐਲਾਨ ਕੀਤਾ ਕਿ ਮਸ਼ਹੂਰ ‘ਜੇ.ਐਲ. ਓਸਵਾਲ ਗਰੁੱਪ’ ਅਗਲੇ ਤਿੰਨ ਸਾਲਾਂ ਵਿੱਚ ਪੰਜਾਬ ਅੰਦਰ ਲਗਭਗ 1,550 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਇਸ ਵੱਡੇ ਕਦਮ ਨਾਲ ਸੂਬੇ ਦੇ 4,000 ਤੋਂ ਵੱਧ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਨਿਵੇਸ਼ ਵੱਖ-ਵੱਖ ਖੇਤਰਾਂ ਵਿੱਚ ਕੀਤਾ ਜਾਵੇਗਾ। ਇਸ ਵਿੱਚ ਡਿਜੀਟਲ ਬੁਨਿਆਦੀ ਢਾਂਚੇ (ਡੇਟਾ ਸੈਂਟਰ) ਲਈ 500 ਕਰੋੜ ਰੁਪਏ, ਕੱਪੜਾ ਉਦਯੋਗ ਅਤੇ ਫੈਕਟਰੀਆਂ ਦੇ ਵਿਸਥਾਰ ਲਈ 450 ਕਰੋੜ ਰੁਪਏ ਅਤੇ ਉਦਯੋਗਿਕ ਪਾਰਕ ਬਣਾਉਣ ਲਈ 400 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ, ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਇੱਕ ਨਵਾਂ ਹੋਟਲ ਅਤੇ ਸੂਰਜੀ ਊਰਜਾ ਦੇ ਪ੍ਰੋਜੈਕਟਾਂ ‘ਤੇ ਵੀ 150 ਕਰੋੜ ਰੁਪਏ ਖਰਚੇ ਜਾਣਗੇ।
ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸੌਖੀਆਂ ਅਤੇ ਨਿਵੇਸ਼ਕ-ਅਨੁਕੂਲ ਨੀਤੀਆਂ ਕਾਰਨ ਵੱਡੇ ਕਾਰੋਬਾਰੀ ਹੁਣ ਪੰਜਾਬ ਵਿੱਚ ਪੈਸਾ ਲਗਾਉਣ ਲਈ ਉਤਸ਼ਾਹਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਵਾਰ ਫਿਰ ਉਦਯੋਗਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰ ਰਿਹਾ ਹੈ।
ਸੰਜੀਵ ਅਰੋੜਾ ਨੇ ਓਸਵਾਲ ਗਰੁੱਪ ਦੇ ਚੇਅਰਮੈਨ ਕਮਲ ਓਸਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਿਵੇਸ਼ ਨਾਲ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਇਸ ਮੌਕੇ ਉਦਯੋਗ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ ਅਤੇ ਓਸਵਾਲ ਗਰੁੱਪ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।
Read More : ਮੁੱਖ ਜੰਗਲੀ ਜੀਵ ਵਾਰਡਨ ਤੇ ਵਣ ਨਿਗਮ ਦੇ MD ਬਸੰਤਾ ਰਾਜਕੁਮਾਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ
