ਰਾਜਪੁਰਾ-ਆਕੜ ਲਿੰਕ ਸੜਕ ਹੁਣ ‘ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ’ ਦੇ ਨਾਮ ਨਾਲ ਜਾਣੀ ਜਾਵੇਗੀ : ਗੁਰਮੀਤ ਖੁੱਡੀਆਂ
ਚੰਡੀਗੜ੍ਹ, 11 ਮਾਰਚ : ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬਾਨ ਦੇ ਸਤਿਕਾਰ ਵਿੱਚ ਇੱਕ ਬੇਹੱਦ ਅਹਿਮ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹੇ ਦੀ ਇੱਕ ਪ੍ਰਮੁੱਖ ਲਿੰਕ ਸੜਕ ਦਾ ਨਾਮ ਨੌਵੇਂ ਪਾਤਸ਼ਾਹ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਾਂਝੀ ਕੀਤੀ।
ਵਿਧਾਨ ਸਭਾ ਦੀ ਕਾਰਵਾਈ ਦੌਰਾਨ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਸਿੰਘ ਘਨੌਰ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਜਪੁਰਾ ਨੂੰ ਪਿੰਡ ਸੇਹਰਾ ਅਤੇ ਅੱਗੇ ਪਿੰਡ ਆਕੜ ਨਾਲ ਜੋੜਨ ਵਾਲੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਹੁਣ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਹੋਵੇਗਾ। ਜ਼ਿਕਰਯੋਗ ਹੈ ਕਿ ਇਸ ਮਾਰਗ ‘ਤੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਵੀ ਸਥਿਤ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਵੇਂ ਗੁਰੂ ਦੀ ਵਿਰਾਸਤ ਨੂੰ ਸੰਭਾਲਣ ਅਤੇ ਸਨਮਾਨਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਲਾਸਾਨੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ।
ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਤ ਸਿਫਾਰਸ਼ ਤੋਂ ਤੁਰੰਤ ਬਾਅਦ ਇਸ ਦਾ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਕੀ ਪ੍ਰਕਿਰਿਆਵਾਂ ਪੂਰੀਆਂ ਹੁੰਦਿਆਂ ਹੀ ਇਹ ਫੈਸਲਾ ਲਾਗੂ ਹੋ ਜਾਵੇਗਾ।
Read More : ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ : ਜਲ ਸਰੋਤ ਮੰਤਰੀ
