ਵਿੱਤ ਮੰਤਰੀ ਵੱਲੋਂ ਸੁਖਪਾਲ ਖਹਿਰਾ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਤਾਕੀਦ; ਸਪੀਕਰ ਨੂੰ ਮੈਂਬਰਸ਼ਿਪ ਰੱਦ ਕਰਨ ਸਮੇਤ ਸਖ਼ਤ ਕਾਰਵਾਈ ਦੀ ਅਪੀਲ
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਅਤੇ ਸਦਨ ਵਿੱਚ ਵਰਤੀ ਗਈ ਭਾਸ਼ਾ ਦੀ ਸਖ਼ਤ ਨਿੰਦਾ ਕੀਤੀ ਹੈ। ਚੀਮਾ ਨੇ ਕਿਹਾ ਕਿ ਖਹਿਰਾ ਵੱਲੋਂ ਉਨ੍ਹਾਂ ਨੂੰ ‘ਬੰਦੂਆ ਮਜ਼ਦੂਰ’ ਕਹਿਣਾ ਨਾ ਸਿਰਫ਼ ਇੱਕ ਵਿਅਕਤੀਗਤ ਹਮਲਾ ਹੈ, ਸਗੋਂ ਇਹ ਪੰਜਾਬ ਦੇ ਲੱਖਾਂ ਮਿਹਨਤੀ ਲੋਕਾਂ ਅਤੇ ਮਜ਼ਦੂਰ ਭਾਈਚਾਰੇ ਦਾ ਘੋਰ ਅਪਮਾਨ ਹੈ।
ਵਿੱਤ ਮੰਤਰੀ ਨੇ ਵਿਧਾਨ ਸਭਾ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਜੇਕਰ ਸੁਖਪਾਲ ਸਿੰਘ ਖਹਿਰਾ ਆਪਣੀ ਗੈਰ-ਸੰਸਦੀ ਭਾਸ਼ਾ ਲਈ ਜਨਤਕ ਤੌਰ ‘ਤੇ ਮੁਆਫ਼ੀ ਨਹੀਂ ਮੰਗਦੇ, ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਦਿਆਂ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ। ਚੀਮਾ ਨੇ ਕਿਹਾ ਕਿ ਖਹਿਰਾ ਨੇ ਮਹਿਲਾਵਾਂ ਅਤੇ ਮਜ਼ਦੂਰਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ, ਜਿਸ ਲਈ ਸਮੁੱਚੀ ਕਾਂਗਰਸ ਪਾਰਟੀ ਨੂੰ ਅਧਿਕਾਰਤ ਤੌਰ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਲੋਕਤੰਤਰ ਦੀ ਹੀ ਸ਼ਕਤੀ ਹੈ ਕਿ ਇੱਕ ਸਧਾਰਨ ਪਿਛੋਕੜ ਵਾਲਾ ਵਿਅਕਤੀ ਅੱਜ ਸੂਬੇ ਦੇ ਵਿੱਤ ਮੰਤਰੀ ਵਜੋਂ ਸੇਵਾ ਕਰ ਰਿਹਾ ਹੈ।
ਵਿੱਤ ਮੰਤਰੀ ਨੇ ਸੁਖਪਾਲ ਸਿੰਘ ਖਹਿਰਾ ਦੇ ਆਪਣੇ ਵਿਦਿਅਕ ਪਿਛੋਕੜ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਨੂੰ ਆਪਣੇ ਯੋਗਤਾ ਸਰਟੀਫਿਕੇਟਾਂ ਦੀ ਜਾਂਚ ਕਰਵਾਉਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਦੂਜਿਆਂ ਦਾ ਅਪਮਾਨ ਕਰਨ ਤੋਂ ਪਹਿਲਾਂ ਖਹਿਰਾ ਨੂੰ ਆਪਣੇ ‘ਸ਼ੱਕੀ’ ਪਿਛੋਕੜ ਵੱਲ ਝਾਤੀ ਮਾਰਨੀ ਚਾਹੀਦੀ ਹੈ।
ਹਰਪਾਲ ਸਿੰਘ ਚੀਮਾ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਨੇ ਸੂਬੇ ਦੇ ਪੰਜ ਲੋਕ-ਪੱਖੀ ਬਜਟ ਪੇਸ਼ ਕੀਤੇ ਹਨ, ਜੋ ਪੰਜਾਬ ਦੀ ਖੁਸ਼ਹਾਲੀ ਨੂੰ ਸਮਰਪਿਤ ਹਨ।
Read More : ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ: 19 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ
