ਚਾਰ ਬੱਚਿਆਂ ਦੇ ਪਿਤਾ ਦੀ ਮੌਤ, ਪਤਨੀ ਹਸਪਤਾਲ ਵਿਚ ਜ਼ੇਰੇ ਇਲਾਜ
ਤਰਨਤਾਰਨ, 18 ਮਾਰਚ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਨਜ਼ਦੀਕ ਮੋਟਰਸਾਈਕਲ ਸਵਾਰ ਪਤੀ-ਪਤਨੀ ਕੋਲੋਂ ਲੁੱਟ ਦੀ ਨੀਅਤ ਨਾਲ ਕੀਤੇ ਗਏ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਉਸਦੀ ਪਤਨੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਪੀੜਤ ਜੋੜਾ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ਵਿੱਚ ਅਣਪਛਾਤੇ ਲੁਟੇਰਿਆਂ ਨੇ ਪਿੱਛੇ ਬੈਠੀ ਮਹਿਲਾ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਇੱਕ ਦਰੱਖ਼ਤ ਵਿੱਚ ਜਾ ਵੱਜਿਆ।
ਹਾਦਸੇ ਤੋਂ ਬਾਅਦ ਜਦੋਂ ਪਤੀ-ਪਤਨੀ ਹੇਠਾਂ ਡਿੱਗ ਪਏ ਤਾਂ ਲੁਟੇਰਿਆਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਸਦੀ ਪਤਨੀ ਦੀ ਹਾਲਤ ਇਸ ਸਮੇਂ ਸਥਿਰ ਦੱਸੀ ਜਾ ਰਹੀ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਧੀਆਂ ਅਤੇ ਇੱਕ ਪੁੱਤਰ ਛੱਡ ਗਿਆ ਹੈ।
ਸਥਾਨਕ ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਅਗਲੀ ਕਾਰਵਾਈ ਤੇਜ਼ੀ ਨਾਲ ਸ਼ੁਰੂ ਕਰ ਦਿੱਤੀ ਗਈ ਹੈ।
Read More : ਰਾਜ ਪੱਧਰੀ ਸਿਹਤ ਕੈਂਪਾਂ ਰਾਹੀਂ 37,000 ਬਜ਼ੁਰਗਾਂ ਦੀ ਹੋਈ ਰਜਿਸਟ੍ਰੇਸ਼ਨ
