ਉਦਘਾਟਨ

ਮੁੱਖ ਮੰਤਰੀ ਮਾਨ ਵੱਲੋਂ ਧੂਰੀ ਵਿਖੇ 21.65 ਕਰੋੜ ਦੇ ਅਤਿ-ਆਧੁਨਿਕ ਹਸਪਤਾਲ ਦਾ ਉਦਘਾਟਨ

ਸੰਗਰੂਰ ਦੇ ਸਿਹਤ ਢਾਂਚੇ ਨੂੰ ਮਿਲੇਗਾ ਵੱਡਾ ਹੁਲਾਰਾ; 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ

ਧੂਰੀ, 18 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਚੋਣ ਹਲਕੇ ਧੂਰੀ ਨੂੰ ਵੱਡੀ ਸੌਗਾਤ ਦਿੰਦਿਆਂ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਹ ਪ੍ਰਾਜੈਕਟ ਸੰਗਰੂਰ ਜ਼ਿਲ੍ਹੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੀ ਜਨਤਕ ਸਿਹਤ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਲੋਕਾਂ ਨੂੰ ਮਿਆਰੀ ਅਤੇ ਸਸਤਾ ਇਲਾਜ ਮੁਹੱਈਆ ਕਰਵਾਉਣ ਪ੍ਰਤੀ ਸਾਡੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ 73,000 ਵਰਗ ਫੁੱਟ ਵਿੱਚ ਫੈਲੀ ਇਸ ਅਤਿ-ਆਧੁਨਿਕ ਇਮਾਰਤ ਨਾਲ ਧੂਰੀ ਸ਼ਹਿਰ ਦੇ 58,000 ਵਸਨੀਕਾਂ ਅਤੇ ਨੇੜਲੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕੰਪਲੈਕਸ ਵਿੱਚ 80 ਬਿਸਤਰਿਆਂ ਦੀ ਸਮਰੱਥਾ ਹੈ, ਜਿਸ ਵਿੱਚ 50 ਬਿਸਤਰੇ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰੇ ਵਿਸ਼ੇਸ਼ ਤੌਰ ‘ਤੇ ਜੱਚਾ-ਬੱਚਾ ਸਿਹਤ ਸੰਭਾਲ ਬਲਾਕ ਲਈ ਰੱਖੇ ਗਏ ਹਨ। ਹਸਪਤਾਲ ਵਿੱਚ 13 ਓ.ਪੀ.ਡੀ. ਕਮਰੇ, ਐਮਰਜੈਂਸੀ ਬਲਾਕ, 7 ਆਪ੍ਰੇਸ਼ਨ ਥੀਏਟਰ, ਅਤੇ 11 ਨਰਸ ਸਟੇਸ਼ਨ ਬਣਾਏ ਗਏ ਹਨ। ਮਰੀਜ਼ਾਂ ਦੀ ਸਹੂਲਤ ਲਈ ਇੱਥੇ 12 ਨਿੱਜੀ ਕਮਰੇ, 6 ਜਨਰਲ ਵਾਰਡ ਅਤੇ ਦੋ ਲਿਫਟਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਜਾਂਚ ਸਹੂਲਤਾਂ ਲਈ ਈ.ਸੀ.ਜੀ., ਅਲਟਰਾਸਾਊਂਡ ਅਤੇ ਐਕਸ-ਰੇ ਰੂਮ ਦੇ ਨਾਲ-ਨਾਲ ਤਿੰਨ ਆਧੁਨਿਕ ਲੈਬਾਰਟਰੀਆਂ ਵੀ ਸਥਾਪਿਤ ਕੀਤੀਆਂ ਗਈਆਂ ਹਨ।

ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹੁਣ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਸਿਹਤ ਕਵਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਵਿੱਚ ਕੋਈ ਵੀ ਪਰਿਵਾਰ ਪੈਸੇ ਦੀ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਹਸਪਤਾਲ ਵਿੱਚ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਸਾਰੇ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੋਣਗੇ। ਇਸ ਤੋਂ ਇਲਾਵਾ, ਹਸਪਤਾਲ ਵਿੱਚ ਗੋਡੇ ਬਦਲਣ ਅਤੇ ਕੰਨ-ਨੱਕ-ਗਲੇ (ENT) ਦੇ ਮਾਹਿਰ ਡਾਕਟਰਾਂ ਵੱਲੋਂ ਵਿਸ਼ੇਸ਼ ਸੇਵਾਵਾਂ ਦਿੱਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਨੇ ਹਸਪਤਾਲਾਂ ਵਿੱਚ 1500 ਤੋਂ ਵੱਧ ਨਵੇਂ ਡਾਕਟਰ ਭਰਤੀ ਕੀਤੇ ਹਨ, ਜਿਨ੍ਹਾਂ ਵਿੱਚ 600 ਮਾਹਿਰ ਅਤੇ 900 ਜਨਰਲ ਡਾਕਟਰ ਸ਼ਾਮਲ ਹਨ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਵੀ 800 ਡਾਕਟਰ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ 300 ਕਰੋੜ ਰੁਪਏ ਤੋਂ ਵੱਧ ਦੀਆਂ ਮੁਫ਼ਤ ਦਵਾਈਆਂ ਅਤੇ ਆਧੁਨਿਕ ਉਪਕਰਣਾਂ ਦੀ ਖਰੀਦ ਕਰਕੇ ਸਰਕਾਰੀ ਹਸਪਤਾਲਾਂ ਦੀ ਦਸ਼ਾ ਬਦਲ ਦਿੱਤੀ ਹੈ।

ਅੰਤ ਵਿੱਚ, ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਤੱਕ ਵਧੀਆ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਧੂਰੀ ਦਾ ਇਹ ਹਸਪਤਾਲ ਇਸੇ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ।

Read More : ਸਕੂਲਾਂ ਦੀ ਨੁਹਾਰ ਬਦਲਣ ਲਈ ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦੇ ਸਮਝੌਤੇ ‘ਤੇ ਹਸਤਾਖਰ : ਮੁੱਖ ਮੰਤਰੀ ਮਾਨ

Leave a Reply

Your email address will not be published. Required fields are marked *