ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਮੁਹਿੰਮ ਦੀ ਨਿਗਰਾਨੀ; ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਬਰਾਮਦ
ਚੰਡੀਗੜ੍ਹ, 19 ਮਾਰਚ : ਪੰਜਾਬ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ ਸੂਬੇ ਭਰ ਵਿੱਚ ਪਛਾਣੇ ਗਏ 426 ਡਰੱਗ ਹੌਟਸਪੌਟਸ ’ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਇਸ ਕਾਰਵਾਈ ਦੌਰਾਨ ਪੁਲਿਸ ਨੇ 200 ਐਫ.ਆਈ.ਆਰ. ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ 710 ਗ੍ਰਾਮ ਹੈਰੋਇਨ, 20 ਕਿਲੋ ਭੁੱਕੀ, 2655 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਸਪੈਸ਼ਲ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ 1 ਮਾਰਚ 2025 ਤੋਂ ਸ਼ੁਰੂ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੁਣ ਤੱਕ ਕੁੱਲ 38,119 ਐਫ.ਆਈ.ਆਰ. ਦਰਜ ਕਰਕੇ 54,190 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੌਰਾਨ 2384 ਕਿਲੋ ਹੈਰੋਇਨ, 303 ਕੁਇੰਟਲ ਭੁੱਕੀ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਵਰਗੀ ਵੱਡੀ ਬਰਾਮਦਗੀ ਹੋਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਨੇ 1.21 ਲੱਖ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਇਸ ਦੇ ਨਾਲ ਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 58ਵੇਂ ਦਿਨ ਪੁਲਿਸ ਨੇ 207 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 15,458 ਹੋ ਗਈ ਹੈ। ਇਸ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ ਵੀ ਕਾਬੂ ਕੀਤੇ ਗਏ ਹਨ। ਡੀਜੀਪੀ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
Read More : ਮੁੱਖ ਮੰਤਰੀ ਸਿਹਤ ਯੋਜਨਾ: 98 ਸਾਲਾ ਬਜ਼ੁਰਗ ਨੇ ਕਰਵਾਇਆ ਕੈਂਸਰ ਦਾ ਮੁਫ਼ਤ ਇਲਾਜ
