Laljit Bhullar

ਸਾਬਕਾ ਮੰਤਰੀ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਅਤੇ ਨਿੱਜੀ ਸਹਾਇਕ ਵਿਰੁੱਧ FIR ਦਰਜ

ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਗਰੋਂ ਵਧੀਆਂ ਭੁੱਲਰ ਦੀਆਂ ਮੁਸ਼ਕਲਾਂ; ਪੁਲਿਸ ਵੱਲੋਂ ਵੀਡੀਓ ਸਬੂਤਾਂ ਅਤੇ ਟੈਂਡਰ ਪ੍ਰਕਿਰਿਆ ਦੀ ਡੂੰਘਾਈ ਨਾਲ ਜਾਂਚ ਸ਼ੁਰੂ

ਅੰਮ੍ਰਿਤਸਰ, 22 ਮਾਰਚ : ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਭੁੱਲਰ (Laljit Bhullar) ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ ਹਨ। ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ, ਭੁੱਲਰ ਵਿਰੁੱਧ ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਸ਼ਿਕਾਇਤ ਵਿੱਚ ਗੰਭੀਰ ਦੋਸ਼ ਲਗਾਇਆ ਗਿਆ ਹੈ ਕਿ ਡੀਐਮ ਰੰਧਾਵਾ ਸਾਬਕਾ ਮੰਤਰੀ ਵੱਲੋਂ ਪਾਏ ਜਾ ਰਹੇ ਲਗਾਤਾਰ ਦਬਾਅ ਅਤੇ ਧਮਕੀਆਂ ਕਾਰਨ ਮਾਨਸਿਕ ਤਣਾਅ ਵਿੱਚ ਸਨ। ਪਰਿਵਾਰ ਅਨੁਸਾਰ, ਇਸੇ ਤਣਾਅ ਦੇ ਚਲਦਿਆਂ ਰੰਧਾਵਾ ਨੇ ਜ਼ਹਿਰ ਖਾ ਲਿਆ, ਜਿਸ ਮਗਰੋਂ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਨੇ ਖੁਦਕੁਸ਼ੀ ਲਈ ਉਕਸਾਉਣ, ਡਰਾਉਣ-ਧਮਕਾਉਣ ਅਤੇ ਸਾਜ਼ਿਸ਼ ਰਚਣ ਵਰਗੀਆਂ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਇਸ ਘਟਨਾ ਨੇ ਸੂਬੇ ਦੀ ਸਿਆਸਤ ਵਿੱਚ ਵੀ ਵੱਡਾ ਭੂਚਾਲ ਲਿਆ ਦਿੱਤਾ ਹੈ। ਵਿਰੋਧੀ ਪਾਰਟੀਆਂ ਨੇ ਸਾਬਕਾ ਮੰਤਰੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਮ੍ਰਿਤਕ ਦੀ ਪਤਨੀ ਉਪਿੰਦਰ ਕੌਰ ਜੌਲੀ, ਜੋ ਕਿ ਸਰਕਾਰੀ ਸਕੂਲ ਵਿੱਚ ਵਿਗਿਆਨ ਅਧਿਆਪਕਾ ਹੈ, ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਸਮੇਤ ਪੂਰੇ ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਜਾਂਚ ਅਧਿਕਾਰੀਆਂ ਅਨੁਸਾਰ, ਰੰਧਾਵਾ ਨੇ ਘਟਨਾ ਤੋਂ ਪਹਿਲਾਂ ਆਪਣੇ ਕੁਝ ਨਜ਼ਦੀਕੀਆਂ ਨੂੰ ਇੱਕ ਵੀਡੀਓ ਸੰਦੇਸ਼ ਭੇਜਿਆ ਸੀ, ਜਿਸ ਵਿੱਚ ਉਨ੍ਹਾਂ ਨੇ ਆਪਣੇ ਉੱਪਰ ਬਣਾਏ ਜਾ ਰਹੇ ਦਬਾਅ ਦਾ ਜ਼ਿਕਰ ਕੀਤਾ ਸੀ। ਪੁਲਿਸ ਨੇ ਇਸ ਵੀਡੀਓ ਨੂੰ ਅਹਿਮ ਇਲੈਕਟ੍ਰਾਨਿਕ ਸਬੂਤ ਵਜੋਂ ਕਬਜ਼ੇ ਵਿੱਚ ਲੈ ਲਿਆ ਹੈ।

ਇਸ ਦੇ ਨਾਲ ਹੀ ਸ਼ਿਕਾਇਤ ਵਿੱਚ ਟੈਂਡਰ ਪ੍ਰਕਿਰਿਆ ਦੌਰਾਨ ਹੋਈ ਕਥਿਤ ਗੜਬੜੀ ਦੇ ਦੋਸ਼ਾਂ ਦੀ ਵੀ ਵੱਖਰੇ ਤੌਰ ‘ਤੇ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਬਰਾਮਦ ਕੀਤੇ ਗਏ ਦਸਤਾਵੇਜ਼ਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Read More : ਇੱਟਾਂ ਮਾਰ ਕੇ ਦੋਸਤ ਮਾਰਿਆ

Leave a Reply

Your email address will not be published. Required fields are marked *