ਮੁਹਿੰਮ ਦੌਰਾਨ 416 ਵਿਅਕਤੀ ਗ੍ਰਿਫ਼ਤਾਰ ਅਤੇ ਹਥਿਆਰ ਬਰਾਮਦ; ‘ਨਸ਼ਿਆਂ ਵਿਰੁੱਧ ਜੰਗ’ ਦੇ 385ਵੇਂ ਦਿਨ 125 ਤਸਕਰਾਂ ਕੋਲੋਂ 9.8 ਕਿਲੋ ਹੈਰੋਇਨ ਜ਼ਬਤ
ਚੰਡੀਗੜ੍ਹ, 22 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿੱਢੀ ਗਈ ‘ਗੈਂਗਸਟਰਾਂ ਵਿਰੁੱਧ ਜੰਗ’ ਮੁਹਿੰਮ ਦੇ 60ਵੇਂ ਦਿਨ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਦੇ 675 ਪਛਾਣੇ ਗਏ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਇਹ ਫੈਸਲਾਕੁੰਨ ਮੁਹਿੰਮ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਜ਼ਿਲ੍ਹਾ ਪੁਲਿਸ ਟੀਮਾਂ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ।
ਮੁਹਿੰਮ ਦੇ 60ਵੇਂ ਦਿਨ ਪੁਲਿਸ ਨੇ 416 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 16,099 ਤੱਕ ਪਹੁੰਚ ਗਈ ਹੈ।
ਇਸ ਕਾਰਵਾਈ ਦੌਰਾਨ 100 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦਕਿ 168 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਪੁਲਿਸ ਨੇ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਡੀਜੀਪੀ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ ‘ਤੇ ਅਪਰਾਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਇਸ ਦੇ ਨਾਲ ਹੀ, “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਦੇ 385ਵੇਂ ਦਿਨ ਪੁਲਿਸ ਨੇ ਸੂਬੇ ਭਰ ਵਿੱਚ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੇ ਕਬਜ਼ੇ ਵਿੱਚੋਂ 9.8 ਕਿਲੋਗ੍ਰਾਮ ਹੈਰੋਇਨ, 906 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 36,560 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ 385 ਦਿਨਾਂ ਵਿੱਚ ਹੁਣ ਤੱਕ ਕੁੱਲ 54,886 ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਜਾ ਚੁੱਕਾ ਹੈ।
Read More : ਹਿਮਾਚਲ ‘ਚ ਅਸਮਾਨ ਤੋਂ ਉਤਰਿਆ ਜਹਾਜ਼ ਦੇ ਆਕਾਰ ਦਾ ਰਹੱਸਮਈ ਗੁਬਾਰਾ
