31 ਮਾਰਚ ਤੱਕ ਬਕਾਏ ਨਿਪਟਾਉਣ ਦਾ ਸੁਨਹਿਰੀ ਮੌਕਾ, ਮਿਆਦ ਖ਼ਤਮ ਹੋਣ ਤੋਂ ਬਾਅਦ 8,000 ਪਛਾਣੀਆਂ ਜਾਇਦਾਦਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ : ਹਰਪਾਲ ਚੀਮਾ
ਚੰਡੀਗੜ੍ਹ, 23 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵੈਟ ਬਕਾਏ ਦੇ ਨਿਪਟਾਰੇ ਲਈ ਸ਼ੁਰੂ ਕੀਤੀ ਗਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਵਰਗੇ ਪ੍ਰਮੁੱਖ ਜ਼ਿਲ੍ਹਿਆਂ ਦੀ ਸਰਗਰਮ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਪਾਰਦਰਸ਼ੀ ਅਤੇ ਕਾਰੋਬਾਰ ਪੱਖੀ ਨੀਤੀਆਂ ਵਿੱਚ ਟੈਕਸਦਾਤਾਵਾਂ ਦੇ ਵਿਸ਼ਵਾਸ ਨੂੰ ਸਾਬਤ ਕਰਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ 31 ਮਾਰਚ, 2026 ਦੀ ਸਮਾਂ ਸੀਮਾ ਤੋਂ ਪਹਿਲਾਂ ਇਸ ਸਕੀਮ ਦਾ ਲਾਭ ਉਠਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਪੁਰਾਣੇ ਵੈਟ ਬਕਾਏ, ਵਿਆਜ ਅਤੇ ਜੁਰਮਾਨੇ ਵਿੱਚ ਭਾਰੀ ਛੋਟ ਪ੍ਰਾਪਤ ਕਰਨ ਦਾ ਆਖਰੀ ਮੌਕਾ ਹੈ।
ਵਿੱਤ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਸਮਾਂ ਸੀਮਾ ਖ਼ਤਮ ਹੋਣ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਮੋਡ ਵਿੱਚ ਆ ਜਾਵੇਗੀ ਅਤੇ ਡਿਫਾਲਟਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮਕਸਦ ਲਈ ਵਿਭਾਗ ਵੱਲੋਂ ਪਹਿਲਾਂ ਹੀ ਲਗਭਗ 8,000 ਜਾਇਦਾਦਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਮੁਕੱਦਮੇਬਾਜ਼ੀ ਨੂੰ ਘਟਾਉਣਾ, ਸੂਬੇ ਦੇ ਮਾਲੀਏ ਨੂੰ ਮਜ਼ਬੂਤ ਕਰਨਾ ਅਤੇ ਕਾਰੋਬਾਰੀਆਂ ਨੂੰ ਆਪਣੇ ਵਿੱਤੀ ਖਾਤੇ ਸਾਫ਼ ਕਰਕੇ ਨਵੀਂ ਸ਼ੁਰੂਆਤ ਕਰਨ ਦਾ ਮੌਕਾ ਦੇਣਾ ਹੈ। ਉਨ੍ਹਾਂ ਕਿਹਾ ਕਿ 31 ਮਾਰਚ ਤੋਂ ਬਾਅਦ ਰਹਿ ਗਏ ਬਕਾਏ ਬਿਨਾਂ ਕਿਸੇ ਰਾਹਤ ਦੇ ਆਮ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆਉਣਗੇ, ਇਸ ਲਈ ਟੈਕਸਦਾਤਾਵਾਂ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।
Read More : ਵਿਆਪਕ ਨਿਵੇਸ਼ ਤੇ ਮਜ਼ਬੂਤ ਕਾਨੂੰਨ ਵਿਵਸਥਾ ਨੇ ਪੰਜਾਬ ਵਿਚ ਬਦਲਿਆ ਸ਼ਾਸਨ ਦਾ ਚਿਹਰਾ : ਮੁੱਖ ਮੰਤਰੀ
