ਵਿੱਤ ਮੰਤਰੀ ਨੇ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 28 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਰਾਜ ਵਪਾਰੀ ਕਮਿਸ਼ਨ (PSTC) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ ਸੂਬੇ ਵਿੱਚ ਹੋਈਆਂ 256 ਬੈਠਕਾਂ ਦੌਰਾਨ ਪ੍ਰਾਪਤ ਹੋਈਆਂ 1,386 ਸ਼ਿਕਾਇਤਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਗੱਲਬਾਤ ਨੂੰ ਸੰਸਥਾਗਤ ਰੂਪ ਦਿੰਦਿਆਂ ਤਿੰਨ-ਪੱਧਰੀ PSTC ਢਾਂਚੇ ਨੂੰ ਸਰਗਰਮ ਕੀਤਾ ਹੈ। ਇਸ ਪ੍ਰਣਾਲੀ ਦਾ ਮੁੱਖ ਉਦੇਸ਼ ਪ੍ਰਸ਼ਾਸਨ ਅਤੇ ਵਪਾਰੀਆਂ ਵਿਚਕਾਰ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਨਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੰਬਿਤ ਮਾਮਲਿਆਂ ਨੂੰ ਤਰਜੀਹੀ ਅਧਾਰ ‘ਤੇ ਹੱਲ ਕੀਤਾ ਜਾਵੇ ਅਤੇ ਸਾਰੀਆਂ ਬੈਠਕਾਂ ਦੇ ਰਿਕਾਰਡ, ਫੋਟੋਆਂ ਤੇ ਸ਼ਿਕਾਇਤ ਨਿਪਟਾਰੇ ਦੀ ਜਾਣਕਾਰੀ ਤੁਰੰਤ ਸਰਕਾਰੀ ਪੋਰਟਲ ‘ਤੇ ਅਪਲੋਡ ਕੀਤੀ ਜਾਵੇ।
ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਇਸ ਵਰਚੁਅਲ ਬੈਠਕ ਵਿੱਚ ਸਾਰੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਅਤੇ ਐਸ.ਐਸ.ਪੀ. ਸ਼ਾਮਲ ਹੋਏ। ਬੈਠਕ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਪਰਸਨ, ਮੈਂਬਰ ਅਤੇ ਜ਼ਿਲ੍ਹਾ ਪੱਧਰੀ ਕਮਿਸ਼ਨਾਂ ਦੇ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ ਤਾਂ ਜੋ ਜ਼ਮੀਨੀ ਪੱਧਰ ‘ਤੇ ਸਰਕਾਰੀ ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।
Read More : ਅੰਮ੍ਰਿਤਸਰ ਤੋਂ 10 ਵਿਦੇਸ਼ੀ ਪਿਸਤੌਲਾਂ ਸਣੇ 2 ਗ੍ਰਿਫ਼ਤਾਰ
