ਮੁਲਜ਼ਮਾਂ ਦੇ ਵਿਦੇਸ਼ ਭੱਜਣ ਦੀ ਸ਼ੰਕਾ ਦੇ ਮੱਦੇਨਜ਼ਰ ਪੁਲਿਸ ਦੀ ਸਖ਼ਤ ਕਾਰਵਾਈ; ਮੋਬਾਈਲ ਫ਼ੋਨ ਬੰਦ ਕਰਕੇ ਹੋਏ ਰੂਪੋਸ਼
ਬਠਿੰਡਾ, 31 ਮਾਰਚ: ਕਾਂਗਰਸੀ ਨੇਤਾ ਦੇ ਪੁੱਤਰ ਦਵਿੰਦਰ ਨੱਤ ਦੀ ਸਨਸਨੀਖੇਜ਼ ਖੁਦਕੁਸ਼ੀ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਨਾਮਜ਼ਦ ਬਿਲਡਰਾਂ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ। ਮੁਲਜ਼ਮਾਂ ਦੇ ਦੇਸ਼ ਛੱਡ ਕੇ ਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਉਨ੍ਹਾਂ ਵਿਰੁੱਧ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ।
ਐੱਸ.ਪੀ. ਸਿਟੀ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਬਿੰਦਰਪਾਲ, ਪ੍ਰਤੀਕ ਮਿੱਤਲ ਅਤੇ ਭਾਰਤ ਮਿੱਤਲ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ (ਧਾਰਾ 306) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਰਦਾਤ ਤੋਂ ਬਾਅਦ ਮੁਲਜ਼ਮ ਆਪਣੇ ਮੋਬਾਈਲ ਫ਼ੋਨ ਬੰਦ ਕਰਕੇ ਰੂਪੋਸ਼ ਹੋ ਗਏ ਹਨ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਮੁਲਜ਼ਮਾਂ ਦੇ ਸੰਭਾਵੀ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।
ਸੁਸਾਈਡ ਨੋਟ ਅਤੇ ਵੀਡੀਓ ਨੇ ਵਧਾਈਆਂ ਮੁਸ਼ਕਿਲਾਂ
ਇਸ ਮਾਮਲੇ ਵਿੱਚ ਮ੍ਰਿਤਕ ਵੱਲੋਂ ਛੱਡਿਆ ਗਿਆ ਸੁਸਾਈਡ ਨੋਟ ਅਤੇ ਲਗਭਗ 8 ਮਿੰਟ 45 ਸਕਿੰਟ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਦਵਿੰਦਰ ਨੱਤ ਨੇ ਆਪਣੀ ਮੌਤ ਲਈ ਬਿਲਡਰ ਪਰਿਵਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ।
ਘਟਨਾ ਕਾਰਨ ਸ਼ਹਿਰ ਵਿੱਚ ਤਣਾਅ ਵਾਲਾ ਮਾਹੌਲ ਹੈ ਅਤੇ ਮ੍ਰਿਤਕ ਦਾ ਪਰਿਵਾਰ ਤੇ ਸਮਰਥਕ ਜਲਦ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਐੱਸ.ਪੀ. ਸਿਟੀ ਨੇ ਭਰੋਸਾ ਦਿਵਾਇਆ ਕਿ ਪੁਲਿਸ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
Read More : ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੂੰ 7 ਦਿਨਾਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ
