ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਲੜੇਗੀ ਚੋਣ
ਹੁਸ਼ਿਆਰਪੁਰ, 31 ਮਾਰਚ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਿੱਜੀ ਹੰਕਾਰ ਅਤੇ ਕੁਰਸੀ ਦੀ ਭੁੱਖ ਨੇ ਸਿੱਖ ਪੰਥ ਦੀ ਸਿਰਮੌਰ ਜਮਾਤ ਨੂੰ ਲੀਰੋ-ਲੀਰ ਕਰ ਦਿੱਤਾ ਹੈ। ਅੱਜ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਹੇਠ ਹੋਈ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਇਹ ਵਿਚਾਰ ਪ੍ਰਗਟਾਏ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਪੰਜਾਬ ਦੇ ਨੌਜਵਾਨਾਂ ਨੂੰ ਕੋਈ ਉਸਾਰੂ ਵਿਜ਼ਨ ਦੇਣ ਦੀ ਬਜਾਏ ਕਬੂਤਰਬਾਜ਼ੀ ਅਤੇ ਸੀਪ ਦੇ ਮੁਕਾਬਲੇ ਕਰਵਾਉਣ ਵਰਗੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਕੀ ਬਾਦਲ ਪੰਜਾਬ ਦੇ ਬੱਚਿਆਂ ਨੂੰ ਜੁਆਰੀਏ ਬਣਾਉਣਾ ਚਾਹੁੰਦੇ ਹਨ?
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ ਤੋਂ ਭਗੌੜਾ ਵਿਅਕਤੀ ਹੈ, ਜਿਸ ਨੂੰ ਪੰਥ ਦਾ ਕੋਈ ਫ਼ਿਕਰ ਨਹੀਂ ਹੈ। ਚੋਣ ਰਣਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਲਦ ਹੀ ਪਾਰਟੀ ਦਾ ਵਿਜ਼ਨ ਦਸਤਾਵੇਜ਼ ਜਾਰੀ ਕੀਤਾ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਪੰਜਾਬ ਦੀ ਸਿਆਸਤ ਵਿੱਚ ਅਸਲ ਮੁੱਦਿਆਂ ਦੀ ਬਜਾਏ ਚੁਟਕਲੇਬਾਜ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਜ਼ਮੀਨੀ ਹਕੀਕਤਾਂ ’ਤੇ ਕੰਮ ਕਰਨ ਦੀ ਹੈ। ਇਸੇ ਤਰ੍ਹਾਂ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁੱਚਾ ਸਿੰਘ ਛੋਟੇਪੁਰ ਨੇ ਵੀ ਬੇਅਦਬੀ ਦੇ ਇਨਸਾਫ਼ ਅਤੇ ਪੰਥਕ ਮੁੱਦਿਆਂ ’ਤੇ ਬਾਦਲ ਦਲ ਦੀ ਜਵਾਬਦੇਹੀ ਤੈਅ ਕਰਨ ਦੀ ਗੱਲ ਕਹੀ।
ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਰਾਜ ਦੌਰਾਨ ਸਿੱਖਾਂ ’ਤੇ ਤਸ਼ੱਦਦ ਕਰਨ ਵਾਲੇ ਅਫ਼ਸਰਾਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜਿਆ ਗਿਆ ਸੀ। ਇਸ ਮੌਕੇ ਸਟੇਜ ਦੀ ਸੇਵਾ ਅਵਤਾਰ ਸਿੰਘ ਜੌਹਲ ਨੇ ਨਿਭਾਈ। ਮੀਟਿੰਗ ਵਿੱਚ ਸੰਤ ਬਾਬਾ ਗੁਰਦੇਵ ਸਿੰਘ, ਮਾਸਟਰ ਕੁਲਵਿੰਦਰ ਸਿੰਘ ਜੰਡਾ, ਸੁਖਵਿੰਦਰ ਸਿੰਘ ਮੂਨਕਾ, ਹਰਬੰਸ ਸਿੰਘ ਮੰਝਪੁਰ ਅਤੇ ਜਰਨੈਲ ਸਿੰਘ ਗੜ੍ਹਦੀਵਾਲਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Read More : ਕਾਂਗਰਸੀ ਆਗੂ ਦੇ ਪੁੱਤਰ ਦੀ ਖੁਦਕੁਸ਼ੀ ਦਾ ਮਾਮਲਾ: ਤਿੰਨ ਬਿਲਡਰਾਂ ਵਿਰੁੱਧ ਐੱਲ.ਓ.ਸੀ. ਜਾਰੀ
