ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਬੋਹੜ ਸਿੰਘ
ਫਰੀਦਕੋਟ, 1 ਅਪ੍ਰੈਲ : ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੰਜਗਰਾਈ ਵਿਖੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਭੈਣ-ਭਰਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਮੰਗਲਵਾਰ ਤੜਕਸਾਰ ਜਦੋਂ ਬੋਹੜ ਸਿੰਘ ਆਪਣੀ ਭੈਣ ਅਮਨਦੀਪ ਕੌਰ ਨਾਲ ਐਕਟਿਵਾ ‘ਤੇ ਸਵਾਰ ਹੋ ਕੇ ਕੋਟਕਪੂਰਾ ਜਾ ਰਿਹਾ ਸੀ, ਤਾਂ ਰਸਤੇ ਵਿੱਚ ਸੜਕ ‘ਤੇ ਖੜ੍ਹੀ ਇੱਕ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ।
ਹਾਦਸੇ ਵਿੱਚ ਬੋਹੜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਅਮਨਦੀਪ ਕੌਰ ਨੇ ਹਸਪਤਾਲ ਪਹੁੰਚ ਕੇ ਦਮ ਤੋੜ ਦਿੱਤਾ। ਪੰਜਗਰਾਈ ਚੌਂਕੀ ਦੇ ਇੰਚਾਰਜ ਏ.ਐੱਸ.ਆਈ. ਗੁਰਜੰਟ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਅਨੁਸਾਰ ਮ੍ਰਿਤਕ ਬੋਹੜ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਦੇ ਪਿਤਾ ਦੀ ਮੌਤ ਹੋਈ ਸੀ। ਮ੍ਰਿਤਕ ਭੈਣ ਅਮਨਦੀਪ ਕੌਰ ਆਪਣੇ ਪਿੱਛੇ 10 ਅਤੇ 7 ਸਾਲ ਦੇ ਦੋ ਮਾਸੂਮ ਬੱਚੇ ਛੱਡ ਗਈ ਹੈ।
Read More : ਪੰਜਾਬ ਦੇ ਉਦਯੋਗਪਤੀਆਂ ਲਈ ਮਾਨ ਸਰਕਾਰ ਦਾ ਵੱਡਾ ਤੋਹਫ਼ਾ
