ਮੁੱਖ ਮੰਤਰੀ ਨੇ ਪੇਸ਼ ਕੀਤਾ ਆਪਣੀ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ; ਡਿਜੀਟਲ ਕ੍ਰਾਂਤੀ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਦਾ ਦਾਅਵਾ।
ਚੰਡੀਗੜ੍ਹ, 3 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਖੇਤਰਾਂ ਵਿੱਚ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖੇਤਰ ਵਿੱਚ ਰੋਜ਼ਗਾਰ ਅਤੇ ਸ਼ਾਸਨ ਦਾ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਭਰਪਾਈ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਉਮਰ ਹੱਦ ਵਿੱਚ 5 ਸਾਲ ਦੀ ਛੋਟ ਦਿੰਦਿਆਂ ਸਿਰਫ਼ 4 ਸਾਲਾਂ ਵਿੱਚ ਰਿਕਾਰਡ 65,264 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਹੈ।
ਮੁੱਖ ਮੰਤਰੀ ਨੇ ਵਿਭਾਗਾਂ ਅਨੁਸਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ 16,308, ਪੰਜਾਬ ਪੁਲਿਸ ਵਿੱਚ 12,966, ਬਿਜਲੀ ਵਿਭਾਗ ਵਿੱਚ 8,765, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਵਿੱਚ 16,320 ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ 5,771 ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਇਹ ਸਾਰੀਆਂ ਭਰਤੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ‘ਤੇ ਹੋਈਆਂ ਹਨ, ਜਿਸ ਕਾਰਨ ਨੌਜਵਾਨ ਹੁਣ ਆਈਲੈਟਸ ਸੈਂਟਰਾਂ ਦੀ ਬਜਾਏ ਸਰਕਾਰੀ ਨੌਕਰੀਆਂ ਦੀ ਤਿਆਰੀ ਨੂੰ ਤਰਜੀਹ ਦੇ ਰਹੇ ਹਨ।
ਪ੍ਰਸ਼ਾਸਨਿਕ ਸੁਧਾਰਾਂ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਹੁਣ ਇੱਕ ਡਿਜੀਟਲ ਹੱਬ ਵਜੋਂ ਉਭਰ ਰਿਹਾ ਹੈ। ਸੇਵਾ ਕੇਂਦਰਾਂ ਰਾਹੀਂ 8.20 ਕਰੋੜ ਤੋਂ ਵੱਧ ਡਿਜੀਟਲ ਸੇਵਾਵਾਂ ਦਿੱਤੀਆਂ ਗਈਆਂ ਹਨ ਅਤੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਤਹਿਤ 2.66 ਲੱਖ ਲੋਕਾਂ ਨੇ ਘਰ ਬੈਠੇ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਜ਼ਮੀਨੀ ਸੁਧਾਰਾਂ ਅਤੇ ਟਰਾਂਸਪੋਰਟ ਸੁਧਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਈਜ਼ੀ ਰਜਿਸਟਰੀ’ ਅਤੇ ‘ਫੇਸਲੈੱਸ ਆਰਟੀਓ’ ਸੇਵਾਵਾਂ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦ ਕੀਤੀ ਹੈ।
ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੀ ਗੱਲ ਕਰਦਿਆਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਰਾਹੀਂ ਹੁਣ ਤੱਕ 341 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਕਈ ਵੱਡੇ ਗਜ਼ਟਿਡ ਅਧਿਕਾਰੀ ਅਤੇ ਪੁਲਿਸ ਕਰਮਚਾਰੀ ਸ਼ਾਮਲ ਹਨ।
ਇਸ ਤੋਂ ਇਲਾਵਾ ਉਨ੍ਹਾਂ ਰੱਖਿਆ ਸਿਖਲਾਈ ਸੰਸਥਾਵਾਂ ਦੀਆਂ ਪ੍ਰਾਪਤੀਆਂ ਸਾਂਝੀਆਂ ਕਰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟ ਦੇ ਕਈ ਸਿਖਿਆਰਥੀ ਕਮਿਸ਼ਨਡ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰ ਰਹੇ ਹਨ। ਸਿਆਸੀ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਆਪਣੀਆਂ ਨਾਕਾਮੀਆਂ ਦੀ ਜ਼ਿੰਮੇਵਾਰੀ ਲੈਣ ਦੀ ਬਜਾਏ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਉਨ੍ਹਾਂ ਕਿਸਾਨਾਂ ਦੀ ਭਲਾਈ ਲਈ ਹਾਈ ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਯੋਜਨਾ ਅਤੇ ਬੇਅਦਬੀ ਰੋਕੂ ਕਾਨੂੰਨ ਵਿੱਚ ਸੋਧ ਲਈ ਵਿਸਾਖੀ ਮੌਕੇ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਵੀ ਐਲਾਨ ਕੀਤਾ। ਆੜ੍ਹਤੀਆਂ ਦੀਆਂ ਮੁਸ਼ਕਲਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਕੇਂਦਰ ਸਰਕਾਰ ਕੋਲ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਉਠਾਇਆ ਜਾ ਰਿਹਾ ਹੈ।
Read More : ਪੰਜਾਬ ਦੀਆਂ ਧੀਆਂ ਦੇ ਵਿਆਹ ਲਈ ਸਰਕਾਰ ਵੱਲੋਂ 13.74 ਕਰੋੜ ਰੁਪਏ ਜਾਰੀ
