ਬੇਅਦਬੀ ਦੇ ਦੋਸ਼ੀਆਂ ਨੂੰ ਹੋਵੇਗੀ ਉਮਰ ਕੈਦ, 13 ਅਪ੍ਰੈਲ ਨੂੰ ਵਿਧਾਨ ਸਭਾ ‘ਚ ਪਾਸ ਹੋਵੇਗਾ ਸਖ਼ਤ ਕਾਨੂੰਨ
ਫਰੀਦਕੋਟ, 6 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਰੀਦਕੋਟ ਦੇ ਜੈਤੋ ਵਿਖੇ 28.68 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਹਨਾਂ ਪ੍ਰੋਜੈਕਟਾਂ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ, ਸਾਫ਼ ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਸ਼ਾਮਲ ਹਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 13 ਅਪ੍ਰੈਲ ਨੂੰ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਵਿੱਚ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਵਿੱਚ ਸੋਧ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ ਇੱਕ ਸਾਲ ਤੱਕ ਜ਼ਮਾਨਤ ਨਾ ਮਿਲਣ ਦਾ ਸਖ਼ਤ ਕਾਨੂੰਨ ਪਾਸ ਕੀਤਾ ਜਾਵੇਗਾ।
ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕਰਦਿਆਂ ਅਕਾਲੀ ਦਲ ਦੀ ਯਾਤਰਾ ਨੂੰ ‘ਪਰਿਵਾਰ ਬਚਾਓ ਯਾਤਰਾ’ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀਆਂ ਨੇ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਅਤੇ ਬਹਿਬਲ ਕਲਾਂ ਤੇ ਬਰਗਾੜੀ ਵਿੱਚ ਬੇਕਸੂਰਾਂ ‘ਤੇ ਗੋਲੀਆਂ ਚਲਵਾਈਆਂ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਪਰਿਵਾਰ ਇਤਿਹਾਸਕ ਤੌਰ ‘ਤੇ ਅੰਗਰੇਜ਼ਾਂ ਦਾ ਸਮਰਥਕ ਰਿਹਾ ਹੈ ਅਤੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਦੀ ਮੇਜ਼ਬਾਨੀ ਕੀਤੀ ਸੀ।
ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ 65,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧ ਕੇ 71 ਫੀਸਦੀ ਹੋ ਗਈ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਔਰਤਾਂ ਨੂੰ 1,000 ਰੁਪਏ ਅਤੇ SC ਔਰਤਾਂ ਨੂੰ 1,500 ਰੁਪਏ ਮਹੀਨਾਵਾਰ ਸਹਾਇਤਾ ਦਿੱਤੀ ਜਾ ਰਹੀ ਹੈ।
ਜੈਤੋ ਦੀ ਇਤਿਹਾਸਕ ਧਰਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮਿੱਟੀ ਨੇ ਹਮੇਸ਼ਾ ਪੰਜਾਬ ਦੀ ਕਿਸਮਤ ਬਦਲਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਇਸ ਤੋਂ ਪਹਿਲਾਂ, ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਗਵੰਤ ਮਾਨ ਸਭ ਤੋਂ ਹਰਮਨਪਿਆਰੇ ਮੁੱਖ ਮੰਤਰੀ ਸਾਬਤ ਹੋਏ ਹਨ, ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਅਤੇ ਸੂਬਾ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।
Read More : ਚੰਡੀਗੜ੍ਹ ਅਤੇ ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
