ਸਰਕਾਰ ਦੀਆਂ ਪ੍ਰਾਪਤੀਆਂ ਦੱਸਣ ਲਈ ਚੂੜਲ ਕਲਾਂ ਤੇ ਗੋਬਿੰਦਪੁਰਾ ਸਮੇਤ ਕਈ ਪਿੰਡਾਂ ਦਾ ਕੀਤਾ ਦੌਰਾ
ਲਹਿਰਾਗਾਗਾ, 6 ਅਪ੍ਰੈਲ : ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ’ਚ ਸੰਵਾਦ ਪ੍ਰੋਗਰਾਮ ਕਰਵਾਏ ਗਏ।
ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ’ਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ’ਚ ਇਤਿਹਾਸਕ ਕਦਮ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਲਈ ਨਿਰਦੇਸ਼ ਦਿੱਤੇ ਗਏ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਰਾਜ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਲਾਭ ਲੈਣ ਅਤੇ ਵਿਕਾਸ ਯਾਤਰਾ ’ਚ ਭਾਗੀਦਾਰ ਬਣਨ।
ਇਨ੍ਹਾਂ ਸੰਵਾਦ ਪ੍ਰੋਗਰਾਮਾਂ ’ਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਮਾਣਯੋਗ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਸੰਤੁਸ਼ਟੀ ਜਤਾਈ।
Read More : 25 ਕਰੋੜ ਦੀ ਹੈਰੋਇਨ ਸਣੇ ਸਮੱਗਲਰ ਗ੍ਰਿਫ਼ਤਾਰ
