ਕਿਹਾ-ਪਾਰਟੀ ਦੇ ਔਖੇ ਸਮੇਂ ‘ਚ ਬੇਰੁਖੀ ਕਿਉਂ?
ਬਰਨਾਲਾ, 6 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਹੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਵਤੀਰੇ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਜਿਸ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਛੋਟੀ ਉਮਰ ਵਿੱਚ ਵੱਡਾ ਮਾਣ-ਸਨਮਾਨ ਦੇ ਕੇ ਪਾਰਟੀ ਦਾ ‘ਨੈਸ਼ਨਲ ਫੇਸ’ ਬਣਾਇਆ, ਅੱਜ ਜਦੋਂ ਪਾਰਟੀ ਔਖੇ ਦੌਰ ਵਿੱਚੋਂ ਗੁਜ਼ਰ ਰਹੀ ਹੈ ਤਾਂ ਉਨ੍ਹਾਂ ਨੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਤੋਂ ਬਾਹਰ ਆਉਣ ‘ਤੇ ਜਿੱਥੇ ਪੂਰੀ ਪਾਰਟੀ ਜਸ਼ਨ ਮਨਾ ਰਹੀ ਸੀ, ਉੱਥੇ ਰਾਘਵ ਚੱਢਾ ਨੇ ਵਧਾਈ ਦਾ ਇੱਕ ਟਵੀਟ ਤੱਕ ਨਹੀਂ ਕੀਤਾ।
ਸੰਸਦ ਮੈਂਬਰ ਮੀਤ ਹੇਅਰ ਨੇ ਅੱਗੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਰਾਘਵ ਚੱਢਾ ਵੱਲੋਂ ਭਾਜਪਾ ਖ਼ਿਲਾਫ਼ ਕੋਈ ਬਿਆਨ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਦਕਾ ਇਸ ਮੁਕਾਮ ਤੱਕ ਪਹੁੰਚਣ ਦੇ ਬਾਵਜੂਦ ਅਜਿਹੀ ਬੇਰੁਖੀ ਪਿੱਛੇ ਕੀ ਕਾਰਨ ਹਨ, ਜਨਤਾ ਸਭ ਸਮਝਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਘਵ ਚੱਢਾ ਦੀ ਇਸ ਖਾਮੋਸ਼ੀ ਪਿੱਛੇ ਛਿਪੇ ਕਾਰਨ ਹੁਣ ਕਾਫੀ ਹੱਦ ਤੱਕ ਸਾਹਮਣੇ ਆ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਪਸ਼ਟ ਹੋ ਜਾਵੇਗੀ।
ਇਸ ਤੋਂ ਪਹਿਲਾਂ, ਮੀਤ ਹੇਅਰ ਨੇ ਬਰਨਾਲਾ ਦੇ ਕਸਬਾ ਧਨੌਲਾ ਵਿਖੇ ਪਾਰਟੀ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਦਾ ‘ਰਿਪੋਰਟ ਕਾਰਡ’ ਪੇਸ਼ ਕੀਤਾ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਉਨ੍ਹਾਂ ਬਰਨਾਲਾ ਅਤੇ ਧਨੌਲਾ ਦੇ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇਣ ‘ਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਿਜਲੀ, ਨਹਿਰੀ ਪਾਣੀ ਅਤੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕੰਮ ਹੋਏ ਹਨ।
ਮੀਤ ਹੇਅਰ ਨੇ ਕਿਹਾ ਕਿ ਮੁਫ਼ਤ ਬਿਜਲੀ, ਟੋਲ ਪਲਾਜ਼ੇ ਬੰਦ ਕਰਨਾ, ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਅਤੇ ਸਰਕਾਰੀ ਸਕੂਲਾਂ ਦਾ ਕਾਇਆ-ਕਲਪ ਅਜਿਹੇ ਕੰਮ ਹਨ ਜੋ ਲੋਕਾਂ ਸਾਹਮਣੇ ਮਿਸਾਲ ਹਨ। ਉਨ੍ਹਾਂ ਐਲਾਨ ਕੀਤਾ ਕਿ ਹੁਣ ਸਰਕਾਰ ਜਲਦ ਹੀ ਔਰਤਾਂ ਨੂੰ 1,500 ਰੁਪਏ ਦੀ ਮਾਸਿਕ ਸਹਾਇਤਾ ਰਾਸ਼ੀ ਦੇਣ ਜਾ ਰਹੀ ਹੈ।
ਉਨ੍ਹਾਂ ਭਰੋਸਾ ਜਤਾਇਆ ਕਿ ਜਨਤਾ ‘ਕੰਮ ਦੀ ਰਾਜਨੀਤੀ’ ‘ਤੇ ਮੋਹਰ ਲਗਾਉਂਦਿਆਂ ਮੁੜ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਚੁਣੇਗੀ। ਅਧਿਕਾਰੀਆਂ ‘ਤੇ ਕਾਰਵਾਈ ਦੇ ਸਵਾਲ ‘ਤੇ ਉਨ੍ਹਾਂ ਸਪਸ਼ਟ ਕੀਤਾ ਕਿ ਕਾਨੂੰਨ ਮੁਤਾਬਿਕ ਜਾਂਚ ਜਾਰੀ ਹੈ ਅਤੇ ਜੇਕਰ ਕਿਸੇ ਵੀ ਅਧਿਕਾਰੀ ਜਾਂ ਠੇਕੇਦਾਰ ਨੇ ਭ੍ਰਿਸ਼ਟਾਚਾਰ ਜਾਂ ਕੰਮ ਵਿੱਚ ਕੁਤਾਹੀ ਕੀਤੀ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Read More : ਵਿਧਾਇਕ ਪਠਾਣਮਾਜਰਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
